Former CM Hudda speaks : ਚੰਡੀਗੜ੍ਹ : ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ 18 ਦਿਨ ਹੋਏ ਹਨ। ਅੰਦੋਲਨ ਦੌਰਾਨ ਬਹੁਤ ਸਾਰੀਆਂ ਜਾਨਾਂ ਗਈਆਂ ਹਨ, ਜਿਸ ’ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਹੁੱਡਾ ਜੀਂਦ ਦੇ ਉਜਾਨਾ ਪਿੰਡ ਵਿਖੇ ਪਹੁੰਚੇ ਅਤੇ ਕਿਸਾਨ ਕਿਤਾਬ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਰਨਾ ਕਿਸਾਨਾਂ ਲਈ ਘਾਤਕ ਸਿੱਧ ਹੋ ਰਿਹਾ ਜਾਨਲੇਵਾ ਸਿੱਧ ਹੋ ਰਿਹਾ ਹੈ। ਹੁਣ ਤੱਕ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।
ਹੁੱਡਾ ਨੇ ਕਿਹਾ, ” ਸਰਕਾਰਾਂ ਨੂੰ ਕਿਸਾਨਾਂ ਦੇ ਪ੍ਰਤੀ ਇੰਨਾ ਬੇਦਰਦ ਨਹੀਂ ਹੋਣਾ ਚਾਹੀਦਾ। ਕਿਸਾਨਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਸੰਵੇਦਨਸ਼ੀਲਤਾ ਤੱਤਪਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਹੁੱਡਾ ਨੇ ਕਿਹਾ, ‘ਸੂਬਾ ਸਰਕਾਰ ਨੂੰ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਅਤੇ ਇਕ-ਇਕ ਨੌਕਰੀ ਦੇਣੀ ਚਾਹੀਦੀ ਹੈ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਅੱਜ 19ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਭੁੱਖ ਹੜਤਾਲ ਕਰ ਰਹੇ ਹਨ। ਸਰਕਾਰ ਨਾਲ ਕਈ ਦੌਰਾਂ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਦੋਵਾਂ ਵਿਚਕਾਰ ਕੋਈ ਰਸਤਾ ਨਹੀਂ ਮਿਲ ਸਕਿਆ ਹੈ। ਕਈ ਰਾਜਨੀਤਿਕ ਪਾਰਟੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕਿਸਾਨਾਂ ਨਾਲ ਖੜ੍ਹੇ ਹਨ। ਉਨ੍ਹਾਂ ਨੇ ਅੱਜ ਵਰਤ ‘ਤੇ ਹੋਣ ਦੀ ਵੀ ਗੱਲ ਕਹੀ ਹੈ। ਉਥੇ ਹੀ ਕੁਝ ਸੂਬਿਆਂ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਗਿਆ ਹੈ। ਉਧਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਥੇ ਹੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਮੁੱਦੇ ‘ਤੇ ਗੱਲ ਕਰ ਰਹੇ ਹਨ, ਜਲਦੀ ਹੀ ਕਿਸਾਨਾਂ ਨਾਲ ਗੱਲਬਾਤ ਦਾ ਅਗਲਾ ਦੌਰ ਸ਼ੁਰੂ ਹੋ ਜਾਵੇਗਾ। ਅਸੀਂ ਉਮੀਦ ਕਰਦੇ ਹਾਂ ਕਿ 40 ਜਥੇਬੰਦੀਆਂ ਜੋ ਗੱਲਬਾਤ ਲਈ ਪਹਿਲਾਂ ਆਈਆਂ ਸਨ, ਦੁਬਾਰਾ ਗੱਲਬਾਤ ਲਈ ਆਉਣਗੀਆਂ।