Meeting of union ministers: ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਭਾਰੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਵੱਡੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਪਹੁੰਚੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੀ ਇਸ ਬੈਠਕ ਵਿੱਚ ਹਿੱਸਾ ਲੈਣ ਪਹੁੰਚੇ ਹਨ। ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਰਾਸ਼ਟਰੀ ਰਾਜਧਾਨੀ, ਦਿੱਲੀ ਅਤੇ ਆਸ ਪਾਸ ਇਕੱਠੇ ਹੋਏ ਹਜ਼ਾਰਾਂ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦੇ ਪੰਜ ਦੌਰ ਹੋ ਚੁੱਕੇ ਹਨ। ਪਰ ਹੁਣ ਤੱਕ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। ਸਰਕਾਰ ਨੇ ਕਿਸਾਨ ਸੰਗਠਨਾਂ ਨੂੰ ਸੋਧ ਦਾ ਪ੍ਰਸਤਾਵ ਭੇਜਿਆ ਸੀ ਪਰ ਕਿਸਾਨਾਂ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਵੇ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਟਿਕਰੀ ਸਰਹੱਦ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦੇ ਅੰਦੋਲਨ ਵਿਚਕਾਰ ਕਿਸਾਨ ਅੰਦੋਲਨ ਸੰਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਦੇ ਹੱਕ ਜਾਣੇ ਬਿਨਾਂ ਕੋਈ ਫੈਸਲਾ ਨਹੀਂ ਲੈਣਗੇ। ਅਜਿਹੀ ਸਥਿਤੀ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ ਕਮੇਟੀ ਬਣਾਉਣ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਾਲਾਂਕਿ, ਸੁਣਵਾਈ ਦੌਰਾਨ ਅਦਾਲਤ ਨੇ ਕੁੱਝ ਸਖਤ ਟਿੱਪਣੀਆਂ ਕੀਤੀਆਂ ਜਿਸ ਵਿੱਚ ਪ੍ਰਦਰਸ਼ਨ ਨੂੰ ਕਿਸਾਨਾਂ ਦਾ ਹੱਕ ਦੱਸਿਆ ਗਿਆ ਸੀ, ਪਰ ਇਸ ਨਾਲ ਕਿਸੇ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ। ਅਦਾਲਤ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਕੁੱਝ ਸਮੇਂ ਲਈ ਕਾਨੂੰਨਾਂ ਨੂੰ ਰੋਕ ਕੇ ਰੱਖਣ।