AAP described the Centre attitude : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੌਮੀ ਰਾਜਧਾਨੀ ਵਿੱਚ ਸੰਘਰਸ਼ ਕਰ ਰਹੇ ਹਨ। ਉਥੇ ਹੀ ਪੰਜਾਬ ਵਿੱਚ ਉਨ੍ਹਾਂ ਦੇ ਹਿਮਾਇਤੀ ਵਪਾਰੀ ਵਰਗ ਤੇ ਆੜ੍ਹਤੀਆਂ ‘ਤੇ ਇਨਕਮ ਟੈਕਸ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਕਾਰਵਾਈ ਨੂੰ ਕੇਂਦਰ ਦੀ ਬਦਲੇ ਦੀ ਭਾਵਨਾ ਦੱਸਦਿਆਂ ਮੋਦੀ ਸਰਕਾਰ ਦੀ ਸਖਤ ਨਿੰਦਾ ਕੀਤੀ ਹੈ।
ਆਪ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਕਿਸਾਨਾਂ ਦਾ ਸਾਥ ਦੇ ਰਹੇ ਹੋਰ ਸਾਰੇ ਵਰਗਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ ਤਾਂ ਕਿ ਉਹ ਅੰਦੋਲਨ ਤੋਂ ਪਿੱਛੇ ਹਟ ਜਾਣ ਕਿਉਂਕਿ ਡਰਾਉਣਾ ਅਤੇ ਵੰਡਣਾ ਭਾਜਪਾ ਦੀ ਪੁਰਾਣੀ ਆਦਤ ਰਹੀ ਹੈ, ਪ੍ਰੰਤੂ ਹੁਣ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਅਜਿਹੀ ਕੋਈ ਵੀ ਚਾਲ ਸਫਲ ਨਹੀਂ ਹੋਵੇਗੀ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਅੰਦੋਲਨਕਾਰੀ ਕਿਸਾਨਾਂ ਨਾਲ ਖੁਦ ਸਿੱਧੀ ਗੱਲ ਨਹੀਂ ਕਰਦੇ ਉਦੋਂ ਤੱਕ ਮਸਲਾ ਹੱਲ ਨਹੀਂ ਹੋ ਸਕਦਾ।
ਇਥੇ ਤੁਹਾਨੂੰ ਦੱਸਣਯੋਗ ਹੈ ਕਿ ਸੀਆਰਪੀਐਫ ਦੇ ਦੀ ਹਾਜ਼ਰੀ ਵਿਚ ਪੰਜਾਬ ਦੇ 14 ਆੜ੍ਹਤੀਆਂ ‘ਤੇ ਇਨਕਮ ਟਕਸ ਦੀ ਰੇਡ ਕੀਤੀ ਗਈ, ਜਿਸ ਦੇ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਨੋਟਿਸ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਅਚਾਨਕ ਛਾਪਾ ਮਾਰਿਆ ਗਿਆ। ਇਸ ਬਾਰੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਿੰਦਾ ਕੀਤੀ ਹੈ। ਇਸ ਬਾਰੇ ਸੂਬਾ ਸਰਕਾਰ ਨੂੰ ਵੀ ਸੂਚਿਤ ਨਹੀਂ ਕੀਤਾ ਗਿਆ। ਇਨ੍ਹਾਂ ਆੜ੍ਹਤੀਆਂ ਵਿੱਚ ਵਿਜੇ ਕਾਲੜਾ (ਪ੍ਰਧਾਨ ਪੰਜਾਬ ਆੜ੍ਹਤੀਆ ਐਸੋਸੀਏਸ਼ਨ), ਪਵਨ ਕੁਮਾਰ ਗੋਇਲ (ਪ੍ਰਧਾਨ ਸਮਾਣਾ ਮੰਡੀ), ਜਸਵਿੰਦਰ ਸਿੰਘ ਰਾਣਾ (ਪਟਿਆਲਾ) ਜ਼ਿਲ੍ਹਾ ਪ੍ਰਧਾਨ), ਮਨਜਿੰਦਰ ਸਿੰਘ ਵਾਲੀਆ (ਪ੍ਰਧਾਨ ਨਵਾਂਸ਼ਹਿਰ), ਹਰਦੀਪ ਸਿੰਘ ਲੱਡਾ (ਪ੍ਰਧਾਨ ਰਾਜਪੁਰਾ) ਅਤੇ ਕਰਤਾਰ ਸਿੰਘ ਅਤੇ ਅਮਰੀਕ ਸਿੰਘ (ਆੜ੍ਹਤੀਆ ਰਾਜਪੁਰਾ) ਸ਼ਾਮਲ ਹਨ।