Farmer hunger strike delhi: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 26ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹਨ। ਇਸ ਦੌਰਾਨ ਅੱਜ ਕਿਸਾਨ ਆਗੂ ਵਰਤ ਰੱਖ ਰਹੇ ਹਨ। ਅਜਿਹੀ ਸਥਿਤੀ ਵਿੱਚ, ਹਰ ਕਿਸੇ ਦੀ ਨਜ਼ਰ ਟਿਕੀ ਹੋਈ ਹੈ ਕਿ ਅੰਦੋਲਨ ਕਿਸ ਪਾਸੇ ਬਦਲਦਾ ਹੈ, ਹਾਲਾਂਕਿ ਕੜਾਕੇ ਦੀ ਠੰਡ ਵਿੱਚ ਡਟੇ ਕਿਸਾਨਾਂ ਨੂੰ ਗੱਲਬਾਤ ਲਈ ਸਰਕਾਰ ਨੇ ਇੱਕ ਹੋਰ ਸੱਦਾ ਭੇਜਿਆ ਹੈ, ਜਿਸ ‘ਤੇ ਕਿਸਾਨਾਂ ਵਲੋਂ ਵਿਚਾਰ ਕੀਤਾ ਜਾਵੇਗਾ।
ਕਿਸਾਨਾਂ ਦਾ ਸਮੂਹ ਵਾਰੀ-ਵਾਰੀ 24 ਘੰਟਿਆਂ ਦੀ ਭੁੱਖ ਹੜਤਾਲ ‘ਤੇ ਬੈਠੇਗਾ। ਗੱਲਬਾਤ ਦੇ ਪੰਜ ਗੇੜ ਅਸਫਲ ਹੋਣ ਤੋਂ ਬਾਅਦ, ਸਰਕਾਰ ਨੇ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ ਤਰੀਕ ਨਿਰਧਾਰਤ ਕਰਨ ਲਈ ਸੱਦਾ ਭੇਜਿਆ ਹੈ। ਇਸ ਮਹੀਨੇ ਦੀ ਸ਼ੁਰੂਆਤ ਤੋਂ ਬਾਅਦ ਕਿਸਾਨਾਂ ਦਾ ਇਹ ਤੀਸਰਾ ਵੱਡਾ ਪ੍ਰਦਰਸ਼ਨ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਭੁੱਖ ਹੜਤਾਲ ਅਤੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ। ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਸਿੰਘੂ ਬਾਰਡਰ ‘ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ,’ ‘ਸੋਮਵਾਰ ਨੂੰ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਪ੍ਰਦਰਸ਼ਨ ਸਥਾਨਾਂ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ । ਇਸਦੀ ਸ਼ੁਰੂਆਤ ਸਿੰਘੂ ਬਾਰਡਰ ਸਮੇਤ ਇੱਥੋਂ ਦੇ ਧਰਨਾ ਪ੍ਰਦਰਸ਼ਨ ਸਥਾਨਾਂ ‘ਤੇ 11 ਮੈਂਬਰਾਂ ਦੀ ਟੁਕੜੀ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਭਰ ਵਿੱਚ ਸਾਰੇ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਮੌਜੂਦ ਸਾਰੇ ਲੋਕਾਂ ਨੂੰ ਇਸ ਵਿੱਚ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ।
ਇਹ ਵੀ ਦੇਖੋ : ਵਿਧਾਨ ਦੀ ਉਲੰਘਣਾ ਕਰਕੇ ਮੋਦੀ ਸਰਕਾਰ ਨੇ ਬਣਾਏ ਕਾਲੇ ਖੇਤੀ ਕਾਨੂੰਨ- ਡਾ. ਦਰਸ਼ਨ ਪਾਲ