Farmers protest live updates : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਨੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ 11 ਮੈਂਬਰਾਂ ਦਾ ਸਮੂਹ ਬਦਲਵੇਂ ਤੌਰ ‘ਤੇ 24 ਘੰਟੇ ਦੀ ਭੁੱਖ ਹੜਤਾਲ ‘ਤੇ ਬੈਠੇਗਾ। ਪੰਜ ਰਾਊਂਡ ਦੀ ਬੈਠਕ ਅਸਫਲ ਹੋਣ ਤੋਂ ਬਾਅਦ, ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦੇ ਅਗਲੇ ਦੌਰ ਦੀ ਤਰੀਕ ਤੈਅ ਕਰਨ ਲਈ ਕਿਹਾ ਹੈ। ਸਰਕਾਰ 40 ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਲਈ ਤਿਆਰ ਹੈ। ਉੱਥੇ ਹੀ ਕਿਸਾਨਾਂ ਨੇ ਇੱਕ ਵਾਰ ਫਿਰ ਐਨਐਚ 9 ਨੂੰ ਪੂਰੀ ਤਰ੍ਹਾਂ ਬੰਦ ਦਿੱਤਾ ਹੈ। ਦਿੱਲੀ ਤੋਂ ਗਾਜ਼ੀਆਬਾਦ ਆਉਣ ਵਾਲੀ ਲੇਨ ‘ਤੇ ਕਿਸਾਨ ਬੈਠੇ ਹਨ। ਐਨਐਚ 9 ਨੂੰ ਕੱਲ ਦੁਪਹਿਰ ਤੋਂ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਕੁਠਾਰ, ਪੂਰਨਪੁਰ ਆਦਿ ਵਿੱਚ ਯੂਪੀ ਗੇਟ ’ਤੇ ਆਉਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਨੂੰ ਰੋਕ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅੱਜ ਸਵੇਰੇ ਕਿਸਾਨਾਂ ਨੇ ਐਨਐਚ -9 ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਐਨਐਚ -9 ਦਿੱਲੀ ਨੂੰ ਮੇਰਠ ਨਾਲ ਜੋੜਦਾ ਹੈ। ਪਿੱਛਲੇ ਕਈ ਦਿਨਾਂ ਤੋਂ ਕਿਸਾਨ ਇਸ ‘ਤੇ ਗਾਜੀਪੁਰ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਦੇਖੋ : ਪਾਣੀਪਤ ਵਿਖੇ ਹਿੰਦੂ ਸਿੱਖ ਤੇ ਮੁਸਲਮਾਨ ਭਾਈਚਾਰੇ ਨੇ ਸਮੂਹਿਕ ਲੰਗਰ ਲਾ ਕੇ ਪੈਦਾ ਕੀਤੀ ਮਿਸਾਲ