Dushyant chautala dug helipad : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਵਿਖੇ, ਕਿਸਾਨਾਂ ਨੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਆਉਣ ਤੋਂ ਪਹਿਲਾਂ ਬਣਾਇਆ ਹੈਲੀਪੈਡ ਪੁੱਟ ਦਿੱਤਾ। ਇੰਨਾ ਹੀ ਨਹੀਂ, ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਗੋ ਬੈਕ ਦੇ ਨਾਅਰੇ ਵੀ ਲਗਾਏ। ਦਰਅਸਲ, ਦੁਸ਼ਯੰਤ ਚੌਟਾਲਾ ਦਾ ਹੈਲੀਕਾਪਟਰ ਅੱਜ ਇਸ ਹੈਲੀਪੈਡ ‘ਤੇ ਉਤਰਨ ਵਾਲਾ ਸੀ।
ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦੁਸ਼ਯੰਤ ਚੌਟਾਲਾ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੁਸ਼ਯੰਤ ਚੌਟਾਲਾ ਕਿਸਾਨਾਂ ਦਾ ਸਮਰਥਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਇਸ ਖੇਤਰ ਵਿੱਚ ਦਾਖਲ ਨਹੀਂ ਹੋਣ ਦੇਣਗੇ। ਕਿਸਾਨਾਂ ਨੇ ਕਿਹਾ ਸੀ ਕਿ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਆਗੂ ਇਥੇ ਆਵੇਗਾ ਉਸ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਦਾ ਵੀ ਕਿਸਾਨਾਂ ਦੇ ਵਿਰੋਧ ਕੀਤਾ ਸੀ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਨੇ 13 ਕਿਸਾਨਾਂ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਦੰਗਿਆਂ ਦਾ ਕੇਸ ਦਰਜ ਕੀਤਾ ਹੈ।
ਇਹ ਵੀ ਦੇਖੋ : ਅੰਮ੍ਰਿਤਸਰ ‘ਚ ਸਿਆਸੀ ਲੋਕਾਂ ਨੇ ਇਸ ਤਰ੍ਹਾਂ ਮਨਾਇਆ ਕਿਸਾਨ ਦਿਵਸ, ਪੂਰਾ ਦਿਨ ਕੀਤੀ ਭੁੱਖ ਹੜਤਾਲ