ludhiana positive cases come down: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਮਾਮਲਿਆਂ ‘ਚ ਹੁਣ ਲਗਾਤਾਰ ਗਿਰਾਵਟ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਥੋੜ੍ਹੀ ਜਿਹੀ ਰਾਹਤ ਮਿਲੀ ਹੈ। ਦੱਸ ਦੇਈਏ ਕਿ 58 ਦਿਨਾਂ ਬਾਅਦ ਜ਼ਿਲ੍ਹੇ ‘ਚ 30 ਤੋਂ ਵੀ ਘੱਟ ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ 24 ਮਾਮਲੇ ਸਾਹਮਣੇ ਆਏ ਸੀ। ਬੀਤੇ ਦਿਨ ਭਾਵ ਵੀਰਵਾਰ ਨੂੰ ਕੁੱਲ 50 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚ 29 ਪੀੜਤ ਮਰੀਜ਼ ਲੁਧਿਆਣਾ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 21 ਮਾਮਲੇ ਬਾਹਰੀ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਹਨ। ਮਹਾਨਗਰ ‘ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 434 ਤੱਕ ਪਹੁੰਚ ਗਈ ਹੈ, ਜੋ ਕਿ ਸਿਰਫ 1.7 ਫੀਸਦੀ ਹੈ। ਦੂਜੇ ਪਾਸੇ ਮਾਹਰਾਂ ਨੇ ਪੂਰੀ ਸਾਵਧਾਨੀ ਵਰਤਣ ਦੀ ਹਦਾਇਤ ਜਾਰੀ ਕੀਤੀ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 24515 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 23124 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ ਲੁਧਿਆਣਾ ‘ਚ 959 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਰਗਰਮ 434 ਮਾਮਲਿਆਂ ‘ਚੋਂ 341 ਮਰੀਜ਼ ਹੋਮ ਆਈਸੋਲੇਸ਼ਨ ‘ਚ ਹਨ।
ਜ਼ਿਕਰਯੋਗ ਹੈ ਕਿ ਯੂ.ਕੇ ਤੋਂ ਦਿੱਲੀ ਪੁੱਜਿਆ ਇੱਕ ਕੋਰੋਨਾ ਪਾਜ਼ੀਟਿਵ ਵਿਅਕਤੀ ਚੁੱਪ-ਚਪੀਤੇ ਲੁਧਿਆਣਾ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਹੋ ਗਿਆ, ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਅਤੇ ਉਸ ਨੂੰ ਅੱਜ ਦਿੱਲੀ ਦੇ ਐੱਲ.ਐੱਨ.ਜੀ.ਪੀ ਹਸਪਤਾਲ ‘ਚ ਵਾਪਸ ਭੇਜ ਦਿੱਤਾ ਗਿਆ ਹੈ। ਦਰਅਸਲ ਇਹ ਵਿਅਕਤੀ ਦਿੱਲੀ ਹਵਾਈ ਅੱਡੇ ਤੋਂ ਬਿਨਾ ਜਾਣਕਾਰੀ ਦਿੱਤੇ ਹੀ ਲੁਧਿਆਣਾ ਪੁੱਜ ਗਿਆ ਸੀ ਤੇ ਜਦੋਂ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਤਾਂ ਉਹ ਇੱਥੋਂ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹੋ ਗਿਆ ਸੀ। ਹਸਪਤਾਲ ਨੇ ਵੀ ਇਸ ਦੀ ਕੋਈ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਨਹੀਂ ਦਿੱਤੀ, ਜਿਸ ਤੋਂ ਬਾਅਦ ਹੁਣ ਪ੍ਰਸ਼ਾਸਨ ਨੇ ਹਸਪਤਾਲ ਨੂੰ ‘ਕਾਰਨ ਦੱਸੋ’ ਨੋਟਿਸ ਵੀ ਜਾਰੀ ਕਰ ਦਿੱਤਾ ਹੈ।
ਇਹ ਵੀ ਦੇਖੋ–