Big commotion in Vajpayee’s jubilee program : ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਦੇ ਪ੍ਰੋਗਰਾਮ ਨੂੰ ਲੈ ਕੇ ਬਠਿੰਡਾ ਵਿੱਚ ਹੰਗਾਮਾ ਹੋ ਗਿਆ। ਮੌਕੇ ‘ਤੇ ਪਹੁੰਚੇ ਕਿਸਾਨਾਂ ਨੇ ਪ੍ਰੋਗਰਾਮ ਦਾ ਵਿਰੋਧ ਕੀਤਾ ਅਤੇ ਕੁਰਸੀਆਂ ਆਦਿ ਭੰਨ ਦਿੱਤੀਆਂ। ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਉਥੇ ਹੀ ਭਾਜਪਾ ਵਰਕਰਾਂ ਨੇ ਪੁਲਿਸ ‘ਤੇ ਕਿਸਾਨਾਂ ਨੂੰ ਰੋਕਣ ਦੀ ਬਜਾਏ ਮਹਿਲਾ ਵਰਕਰਾਂ ਉੱਤੇ ਡੰਡੇ ਮਾਰਨ ਦਾ ਦੋਸ਼ ਲਗਾਏ ਹਨ।
ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ‘ਤੇ ਸ਼ੁੱਕਰਵਾਰ ਨੂੰ ਬਠਿੰਡਾ, ਪੰਜਾਬ ਵਿਚ ਅਮਰੀਕ ਸਿੰਘ ਰੋਡ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਇਕ ਸਮਾਗਮ ਦਾ ਆਯੋਜਨ ਕੀਤਾ ਜਾਣਾ ਸੀ। ਪੁਲਿਸ ਨੇ ਇਸ ਸੰਬੰਧੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸੜਕ ‘ਤੇ ਵੱਡੇ ਬੈਰੀਕੇਡ ਵੀ ਲਗਾਏ ਗਏ ਸਨ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਜਿਵੇਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਕਿਸਾਨ ਯੂਨੀਅਨਾਂ ਨੂੰ ਸਮਾਗਮਾਂ ਬਾਰੇ ਪਤਾ ਲੱਗਿਆ, 100 ਦੇ ਕਰੀਬ ਕਿਸਾਨਾਂ ਨੇ ਪਹਿਲਾਂ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਫਿਰ ਬੈਰੀਕੇਡ ਤੋੜ ਦਿੱਤੇ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਸਮਾਗਮ ਵਿੱਚ ਦਾਖਲ ਹੋਏ।
ਇਸ ਤੋਂ ਬਾਅਦ ਕਿਸਾਨਾਂ ਨੇ ਕੁਰਸੀਆਂ ਭੰਨ ਸੁੱਟੀਆਂ। ਮਾਮਲਾ ਵਧਦਾ ਦੇਖ ਪੁਲਿਸ ਦਾ ਹੋਰ ਦਸਤਾ ਬੁਲਾਇਆ ਗਿਆ। ਬੀਜੇਪੀ ਨੇਤਾਵਾਂ ਨੇ ਕਿਸਾਨਾਂ ਦਾ ਵਿਰੋਧ ਕਰਦਿਆਂ ਪੁਲਿਸ ਫੋਰਸ ਨਾਲ ਧੱਕਾ-ਮੁੱਕੀ ਕੀਤੀ। ਕਿਸਾਨ ਯੂਨੀਅਨ ਆਗੂ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਸਰਕਾਰ ਦਾ ਵਿਰੋਧ ਕਰਦੇ ਰਹਿਣਗੇ। ਇਸ ਦੇ ਨਾਲ ਹੀ ਭਾਜਪਾ ਨੇਤਾ ਸੁਨੀਲ ਸਿੰਗਲਾ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਰੋਕਣ ਦੀ ਬਜਾਏ ਪੁਲਿਸ ਨੇ ਭਾਜਪਾ ਦੀਆਂ ਮਹਿਲਾ ਵਰਕਰਾਂ ‘ਤੇ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦਿੱਤੀ ਗਈ ਹੈ। ਇਸ ਤੋਂ ਬਾਅਦ ਭਾਜਪਾ ਅਤੇ ਕਿਸਾਨਾਂ ਨੇ ਅਮਰੀਕ ਸਿੰਘ ਰੋਡ ‘ਤੇ ਧਰਨਾ ਦਿੱਤਾ। ਪੁਲਿਸ ਦੋਵਾਂ ਧਿਰਾਂ ਵਿਚਕਾਰ ਖੜ੍ਹੀ ਹੋ ਗਈ।