Farmer dies after returning : ਕੇਂਦਰ ਵੱਲੋਂ ਜਾਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ ਉਧਰ ਸਰਕਾਰ ਸੋਧ ਨੂੰ ਤਾਂ ਮੰਨ ਰਹੀ ਹੈ ਪਰ ਕਾਨੂੰਨ ਰੱਦ ਨਹੀਂ ਕਰਨਾ ਚਾਹੁੰਦੀ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਕੜਾਕੇ ਦੀ ਠੰਡ ਦੌਰਾਨ ਕਿਸਾਨਾਂ ਦੀ ਸਿਹਤ ਖਰਾਬ ਹੋ ਰਹੀ ਹੈ। ਜਿਸ ਦੇ ਚੱਲਦਿਆਂ ਇੱਕ ਹੋਰ ਕਿਸਾਨ ਜੋਕਿ ਇਸ ਅੰਦਲਨ ਵਿੱਚ ਸ਼ਾਮਲ ਹੋਇਆ ਸੀ, ਦੀ ਮੌਤ ਹੋ ਗਈ।
61 ਸਾਲਾ ਗੁਰਪਿਆਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਬਾਰਡਰ ’ਤੇ ਲੱਗੇ ਧਰਨੇ ਵਿੱਚ ਸ਼ਾਮਲ ਰਿਹਾ। ਉਹ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਭਾਗੀਵਾਂਦਰ ਦਾ ਰਹਿਣ ਵਾਲਾ ਸੀ। ਪਿਛਲੇ ਦਿਨੀਂ ਠੰਡ ਲੱਗ ਜਾਣ ਮਗਰੋਂ ਉਸਦੀ ਸਿਹਤ ਜ਼ਿਆਦਾ ਖ਼ਰਾਬ ਹੋ ਜਾਣ ਕਾਰਨ ਗੁਰਪਿਆਰ ਸਿੰਘ ਨੂੰ ਘਰ ਵਾਪਿਸ ਪਰਤਣਾ ਪਿਆ ਸੀ ਜਿੱਥੇ ਉਸਦੀ ਮੌਤ ਹੋ ਗਈ। ਅੱਜ ਪਿੰਡ ਭਾਗੀਵਾਂਦਰ ’ਚ ਮ੍ਰਿਤਕ ਗੁਰਪਿਆਰ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਗੁਰਪਿਆਰ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਸਰਗਰਮ ਮੈਂਬਰ ਵੀ ਸੀ। ਬੀ.ਕੇ.ਯੂ. ਡਕੌਂਦਾ ਨੇ ਪਰਿਵਾਰ ਲਈ ਸਰਕਾਰ ਤੋਂ 10 ਲੱਖ ਰੁਪਏ ਮੁਆਵਜ਼ੇ ਅਤੇ ਪਰਿਵਾਰਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਤਿੰਨ ਦਿਨ ਪਹਿਲਾਂ ਬਿਮਾਰ ਹੋਏ ਇੱਕ ਹੋਰ ਕਿਸਾਨ ਦੀ ਇਲਾਜ ਦੌਰਾਨ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ-ਸਸਕਾਰ ਕੀਤਾ ਜਾਵੇਗਾ। ਇਹ ਕਿਸਾਨ ਸੁਖਬੀਰ ਸਿੰਘ ਪਿੰਡ ਗੋਬਿੰਦ ਨਗਰੀ ਦਾ ਰਹਿਣ ਵਾਲਾ ਸੀ। ਇਹ ਕਿਸਾਨ 17 ਦਿਨਾਂ ਤੱਕ ਦਿੱਲੀ ਧਰਨੇ ਵਿੱਚ ਸ਼ਾਮਿਲ ਸੀ। ਕਿਸਾਨ ਦੀ ਮੌਤ ਤੋਂ ਬਾਅਦ ਡਾਕਟਰਾਂ ਵੱਲੋਂ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।