Farmers protest amit shah says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਕਿਸਾਨ ਪੰਚਾਇਤ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ।
ਅੰਦੋਲਨ ਦੇ ਦੌਰਾਨ ਅਸਾਮ ਵਿੱਚ ਇੱਕ ਸਭਾ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਫਿਲਹਾਲ ਕੁੱਝ ਲੋਕ ਖੇਤੀਬਾੜੀ ਸੁਧਾਰ ਕਾਨੂੰਨਾਂ ਸਬੰਧੀ ਅੰਦੋਲਨ ਕਰ ਰਹੇ ਹਨ। ਮੈਂ ਇਸ ਮੌਕੇ ਸਾਰਿਆਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਅੱਗੇ ਆਓ, ਸਰਕਾਰ ਨਾਲ ਗੱਲਬਾਤ ਕਰੋ ਅਤੇ ਸਮੱਸਿਆ ਲਈ ਕੋਈ ਹੱਲ ਲੱਭੋ।” ਜਦਕਿ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ, “ਕੋਈ ਹੱਲ ਕੱਢਣਾ ਕਿਸਾਨਾਂ ਦੇ ਹੱਥ ਨਹੀਂ ਹੈ, ਇਸ ਦਾ ਹੱਲ ਸਰਕਾਰ ਵੱਲੋਂ ਕੱਢਿਆ ਜਾਵੇਗਾ। ਕਿਸਾਨ ਸ਼ਾਂਤਮਈ ਢੰਗ ਨਾਲ ਆਪਣਾ ਅੰਦੋਲਨ ਕਰ ਰਹੇ ਹਨ। ਜੇਕਰ ਕਿਸਾਨ ਹਾਰ ਜਾਂਦੇ ਹਨ ਤਾਂ ਸਰਕਾਰ ਹਾਰ ਜਾਵੇਗੀ ਅਤੇ ਜੇ ਕਿਸਾਨ ਜਿੱਤ ਜਾਂਦੇ ਹਨ ਤਾ ਸਰਕਾਰ ਜਿੱਤ ਜਾਵੇਗੀ।