Harinder singh khalsa resigns from bjp : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਸੀ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਕਿਸਾਨ ਪੰਚਾਇਤ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ, ਅਤੇ ਇਸ ਮੀਟਿੰਗ ਦੇ ਵਿੱਚ ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਪ੍ਰਸਤਾਵ ‘ਤੇ ਫੈਸਲਾ ਕੀਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਹੁਣ 29 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਬੈਠਕ ਕਰਨਗੀਆਂ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ। ਇਹ ਬੈਠਕ ਵਿਗਿਆਨ ਭਵਨ ਦੇ ਵਿੱਚ ਹੋਵੇਗੀ, ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਸਿਰਫ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਹੈ। ਇਸਦੇ ਨਾਲ ਹੀ ਕਿਸਾਨਾਂ ਦੇ ਸਮਰਥਨ ਵਿੱਚ ਰਾਜਨੇਤਾਵਾਂ ਦੇ ਅਸਤੀਫਿਆਂ ਦੀ ਪ੍ਰਕਿਰਿਆ ਵੀ ਜਾਰੀ ਹੈ। ਪੰਜਾਬ ਦੇ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਸ਼ਨੀਵਾਰ ਨੂੰ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹਰਿੰਦਰ ਸਿੰਘ ਖਾਲਸਾ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਸਰਕਾਰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ। ਹਰਿੰਦਰ ਸਿੰਘ ਖਾਲਸਾ ਨੇ 2014 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ। ਉਨ੍ਹਾਂ ਨੂੰ ਇਸ ਚੋਣ ਵਿੱਚ ਜਿੱਤ ਮਿਲੀ ਸੀ। ਪਰ ਇਸ ਤੋਂ ਬਾਅਦ ਉਨ੍ਹਾਂ ਨੇ AAP ਪਾਰਟੀ ਛੱਡ ਦਿੱਤੀ ਸੀ, ਅਤੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਨੇਤਾ ਅਰੁਣ ਜੇਤਲੀ ਦੀ ਮੌਜੂਦਗੀ ਵਿੱਚ ਹਰਿੰਦਰ ਸਿੰਘ ਖਾਲਸਾ ਨੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।