baba deep singh ji: ਬਾਬਾ ਦੀਪ ਸਿੰਘ ਜੀ ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ-ਤਾਰਨ) ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ।ਮਾਤਾ-ਪਿਤਾ ਨੇ ਬਾਲਕ ਦਾ ਨਾਮ ‘ਦੀਪਾ’ ਰੱਖਿਆ।ਬਾਲਕ ‘ਦੀਪਾ’ ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ‘ਚ ਜਾ ਹਾਜ਼ਰ ਹੋਇਆ।ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ ‘ਦੀਪੇ’ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਂਤੇ ਤੁਲਿਆ ਹੋਇਆ ਸੀ, ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇਨਚਾਰਜ ਜਮਾਲ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ, ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ ‘ਤੇ ਪੁੱਜੀ ਤਾਂ ਆਪ ਦੇ ਦਿਲ ‘ਤੇ ਅਸਹਿ ਸੱਟ ਵੱਜੀ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ
ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ ‘ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿੱਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਇਸ ਤਰ੍ਹਾਂ ਦਲ ਖਾਲਸਾ ਦੀ ਗਿਣਤੀ ਅਣਗਿਣਤ ਹੋ ਗਈ। ਬਿਆਸ ਦਰਿਆ ਪਾਰ ਕਰਕੇ ਸਿੰਘਾਂ ਦਾ ਜੱਥਾ ਮਾਝੇ ਦੇ ਇਲਾਕੇ ਅੰਦਰ ਦਾਖਲ ਹੋਇਆ। ਤਰਨਤਾਰਨ ਸਾਹਿਬ ਦੇ ਪਾਵਨ ਅਸਥਾਨ ਵਿਖੇ ਪਹੁੰਚ ਕੇ ਸਿੰਘਾਂ ਦੇ ਸਾਰੇ ਸਮੂਹ ਨੇ ਅਰਦਾਸ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇੱਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।ਤਰਨ ਤਾਰਨ ਤੋਂ 10 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਗੋਹਲਵੜ ਪਿੰਡ ਕੋਲ ਜਾ ਕੇ ਬਾਬਾ ਜੀ ਨੇ ਆਪਣੇ ਸਿੰਘਾਂ ਦੇ ਜਥੇ ਨਾਲ ਦੁਸ਼ਮਣ ਦੀ ਫ਼ੌਜ ਨੂੰ ਲੜਾਈ ਲਈ ਲਲਕਾਰਿਆ। ਇਸ ਜਗ੍ਹਾ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਗੋਹਲਵੜ ਵਿੱਚ ਬਾਬਾ ਜੀ ਦਾ ਸਾਹਮਣਾ ਜਮਾਲ ਖ਼ਾਨ ਨਾਲ ਹੋਇਆ। ਜਹਾਨ ਖਾਨ ਨੂੰ ਵੀ ਸੂਹੀਏ ਰਾਹੀਂ ਪਤਾ ਲੱਗ ਗਿਆ ਕਿ ਸਿੱਖ ਉਨ੍ਹਾਂ ਉਂਪਰ ਹਮਲਾ ਕਰਨ ਲਈ ਆ ਰਹੇ ਹਨ। ਇਹ ਖ਼ਬਰ ਸੁਣ ਕੇ ਜਹਾਨ ਖਾਨ ਨੇ ਆਪਣੇ ਸਹਾਇਕ ਅਤਾਈ ਖਾਨ ਨੂੰ ਸਿੱਖਾਂ ਉਂਤੇ ਹਮਲਾ ਕਰਨ ਦੇ ਆਦੇਸ਼ ਦਿੱਤੇ। ਜਹਾਨ ਖਾਨ ਆਪ ਘੋੜ ਸਵਾਰ ਫੌਜ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਗੋਹਲਵੜ ਦੇ ਸਥਾਨ ‘ਤੇ ਪਹੁੰਚ ਗਿਆ, ਜਿੱਥੇ ਸਿੰਘਾਂ ਤੇ ਅਫ਼ਗਾਨਾਂ ਦੀ ਟੱਕਰ ਹੋਈ। ਅਫ਼ਗਾਨ ਸਿੰਘਾਂ ਦਾ ਟਾਕਰਾ ਨਾ ਕਰ ਸਕੇ। ਸਿੰਘਾਂ ਦੇ ਅੱਗੇ ਲੱਗ ਕੇ ਮੈਦਾਨੋਂ ਭੱਜ ਨਿਕਲੇ। ਇਤਨੇ ਨੂੰ ਜਹਾਨ ਖਾਨ ਦਾ ਸਹਾਇਕ ਅਤਾਈ ਖਾਨ ਆਪਣੀ ਭਾਰੀ ਫੌਜ ਲੈ ਕੇ ਆ ਗਿਆ,
ਜਿਸ ਨਾਲ ਮੈਦਾਨ-ਏ-ਜੰਗ ਦੀ ਰੂਪ-ਰੇਖਾ ਬਦਲ ਗਈ। ਇਸ ਘਮਸਾਨ ਦੀ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿੱਚ ਹੌਲੀ-ਹੌਲੀ ਸਿੰਘ ਅਫ਼ਗਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਉਹ ਸਖ਼ਤ ਜਖ਼ਮੀ ਹੋ ਗਏ ਸਨ। ਅਫ਼ਗਾਨ ਦੁਸ਼ਮਣ ਦਾ ਇੱਕ ਕਮਾਂਡਰ ਅਮਾਨ ਖਾਨ ਅੱਗੇ ਵਧਿਆ ਤੇ ਬਾਬਾ ਜੀ ‘ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ। ਇਸ ਸਾਂਝੇ ਵਾਰ ਵਿੱਚ ਬਾਬਾ ਜੀ ਨੇ ਉਸ ਮੁਗ਼ਲ ਕਮਾਂਡਰ ਨੂੰ ਤਾਂ ਥਾਂ ‘ਤੇ ਹੀ ਖ਼ਤਮ ਕਰ ਦਿੱਤਾ ਪਰ ਨਾਲ ਹੀ ਇਨ੍ਹਾਂ ਦੀ ਧੌਣ ਉਂਤੇ ਇੱਕ ਘਾਤਕ ਘਾਉ ਲੱਗਾ, ਜਿਸ ਨਾਲ ਬਾਬਾ ਜੀ ਦਾ ਸੀਸ ਧੜ ਤੋਂ ਅਲੱਗ ਹੋ ਗਿਆ। ਬਾਬਾ ਜੀ ਦਾ ਧੜ ਜਮੀਨ ਤੇ ਡਿੱਗ ਪਿਆ। ਇੱਕ ਸਿੰਘ ਨੇ ਹੱਥ ਜੋੜਕੇ ਬਾਬਾ ਜੀ ਦੇ ਧੜ ਵੱਲ ਬੇਨਤੀ ਕੀਤੀ ‘ ਆਗੇ ਏਕ ਧਰਮ ਸਿੰਘ ਕਹਯੋ, ਬਚਨ ਤੁਮਾਰਾ ਦੀਪ ਸਿੰਘ ਰਹਯੋ ‘ ਫੇਰ ਕੀ ਸੀ ਬਚਨ ਕੇ ਬਲੀ ਸ਼ੂਰਬੀਰ ਯੋਧੇ ਬਾਬਾ ਜੀ ਦਾ ਧੜ ਹਰਕਤ ਵਿੱਚ ਆ ਗਿਆ ਤੇ ਓਹਨਾ ਆਪਣਾ ਪਾਵਨ ਸ਼ੀਸ਼ ਖੱਬੇ ਹੱਥ ਤੇ ਧਰ ਕੇ ਆਪਣਾ ਸਵਾ ਮਣ ਦਾ ਖੰਡਾ ਵੋਹੰਦੇ ਹੋਏ ਲੜਦੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤਕ ਜਾ ਪਹੁੰਚੇ। ਇਥੋਂ ਤਕ ਅੱਪੜਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗਾਨ ਮਾਰ ਮੁਕਾਏ ਸਨ। ਇਸ ਤਰ੍ਹਾਂ ਇਸ ਘਮਸਾਨ ਦੀ ਜੰਗ ਅੰਦਰ ਅਫ਼ਗਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫੌਜ ਦੇ ਹੌਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ।
ਕੱਬਡੀ ਕੋਚਾਂ ਨੇ ਵੇਖੋ ਕਰਾਤੀ ਅੱਤ ਕਹਿੰਦੇ, ‘ਕਿਸਾਨ ਆਗੂ ਕਹਿਣ ਸਹੀ ਟੋਚਨ ਪਾ ਲਵਾਂਗੇ’ !