BKU to hold : ਜਲੰਧਰ : ਭਾਰਤੀ ਕਿਸਾਨ ਯੂਨੀਅਨ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਬਾਹਰ ਗੋਬਰ ਦੀ ਟਰਾਲੀ ਸੁੱਟਣ ਵਾਲੇ ਕਿਸਾਨਾਂ ਖਿਲਾਫ ਦਰਜ ਐਫਆਈਆਰ ਨੂੰ ਰੱਦ ਨਾ ਕਰਨ ਲਈ 7 ਜਨਵਰੀ ਨੂੰ ਜਲੰਧਰ ਵਿੱਚ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਪ੍ਰੈਸ ਕਲੱਬ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਸੰਸਥਾ ਦੇ ਮੁਖੀ ਕੁਲਵੰਤ ਸਿੰਘ ਸਰਪੰਚ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਗੋਬਰ ਦੀਆਂ ਟਰਾਲੀਆਂ ਸਾਰੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਸੁੱਟ ਦਿੱਤੀਆਂ ਜਾਣਗੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਸ੍ਰੀ ਤੀਕਸ਼ਣ ਸੂਦ ਵੱਲੋਂ ਵਿਵਾਦਪੂਰਨ ਬਿਆਨ ਸਾਹਮਣੇ ਆਇਆ ਸੀ, ਜਿਸ ਵਿੱਚ ਆਗੂ ਨੇ ਕਿਹਾ ਕਿ ਕਿਸਾਨ ਤਾਂ ਦਿੱਲੀ ਬਾਰਡਰਾਂ ’ਤੇ ਪਿਕਨਿਕ ਮਨਾਉਣ ਜਾ ਰਹੇ ਹਨ। ਇਸ ‘ਤੇ ਪੰਜਾਬ ਦੇ ਲੋਕਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸੇ ਤੋਂ ਨਾਰਾਜ਼ ਕੁਝ ਅਣਪਛਾਤੇ ਲੋਕਾਂ ਨੇ ਸੂਦ ਦੀ ਹੁਸ਼ਿਆਰਪੁਰ ਸਥਿਤ ਕੋਠੀ ਅੰਦਰ ਗੋਹਾ ਸੁੱਟ ਗਏ, ਜਿਸ ‘ਤੇ ਭਾਜਪਾ ਦੇ ਆਗੂ ਅਤੇ ਵਰਕਰ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸ਼ਨ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਆਸ ਲਗਾਏ ਜਾ ਰਹੇ ਹਨ ਕਿ ਸੂਦ ਦੇ ਕਿਸਾਨਾਂ ਲਈ ਦਿੱਤੇ ਵਿਵਾਦਪੂਰਨ ਬਿਆਨਾਂ ਕਾਰਨ ਅਣਪਛਾਤੇ ਲੋਕਾਂ ਨੇ ਅਜਿਹਾ ਕੀਤਾ ਹੈ।
ਇਸ ਤੋਂ ਇਲਾਵਾ ਇੱਕ ਹੋਰ ਬਿਆਨ ਵਿੱਚ ਉਨ੍ਹਾਂ ਅੰਦੋਲਨ ਦੀ ਫੰਡਿੰਗ ‘ਤੇ ਸਵਾਲ ਉਠਾਏ ਸਨ ਕਿ ਅੰਦੋਲਨ ਚਲਾਉਣ ਲਈ ਪੈਸਾ ਵਿਦੇਸ਼ਾਂ ਤੋਂ ਆ ਰਿਹਾ ਹੈ। ਕਿਸਾਨ ਅਤੇ ਸਰਕਾਰ ਵਿਚਾਲੇ 6ਵੇਂ ਦੌਰ ਦੀ ਗੱਲਬਾਤ ‘ਚ ਪੂਰਾ ਹੱਲ ਨਹੀਂ ਨਿਕਲਿਆ। ਕੱਲ੍ਹ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਹੋਣੀ ਹੈ ਤੇ ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।