Farmer protest on farm law : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ। ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਦੋ ਸਭ ਤੋਂ ਮਹੱਤਵਪੂਰਣ ਮੰਗਾਂ ‘ਤੇ ਵਿਚਾਰ ਕੀਤਾ ਜਾਣਾ ਹੈ। ਇਨ੍ਹਾਂ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਸ਼ਾਮਿਲ ਹੈ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਦੋ ਹੋਰ ਮੰਗਾਂ ਮੰਨਣ ਦਾ ਐਲਾਨ ਕੀਤਾ ਸੀ। ਇਨ੍ਹਾਂ ਦੋਵਾਂ ਮੰਗਾਂ ਵਿੱਚ ਪਰਾਲੀ ਸਾੜਨ ‘ਤੇ ਜੁਰਮਾਨੇ ਨਾਲ ਜੁੜੇ ਆਰਡੀਨੈਂਸ ਨੂੰ ਬਦਲਣਾ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਮੁਲਤਵੀ ਕਰਨਾ ਸ਼ਾਮਿਲ ਹੈ।
ਕਿਸਾਨਾਂ ਦੀ ਲਹਿਰ ਨਿਰੰਤਰ ਜਾਰੀ ਹੈ ਅਤੇ ਉਨ੍ਹਾਂ ਨੂੰ ਕਈ ਵਰਗਾਂ ਦਾ ਸਮਰਥਨ ਵੀ ਮਿਲ ਰਿਹਾ ਹੈ। ਹੁਣ ਕਿਸਾਨਾਂ ਦੇ ਸਮਰਥਨ ਵਿੱਚ ਬੋਧੀ ਭਿਕਸ਼ੂ ਵੀ ਸੋਮਵਾਰ ਸਵੇਰੇ ਦਿੱਲੀ-ਗਾਜੀਪੁਰ ਸਰਹੱਦ ‘ਤੇ ਪਹੁੰਚੇ ਹਨ। ਇਥੇ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਇੱਕ ਬੋਧੀ ਭਿਕਸ਼ੂ ਨੇ ਦੱਸਿਆ, “ਅਸੀਂ ਲਖਨਊ ਤੋਂ ਆਏ ਹਾਂ। ਕਿਸਾਨ ਸੜਕ ਤੇ ਹੈ ਇਸ ਲਈ ਅਸੀਂ ਮੱਠਾਂ ਨੂੰ ਕਿਸਾਨਾਂ ਨਾਲ ਛੱਡ ਦਿੱਤਾ ਹੈ। ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਸੀਂ ਉਦੋਂ ਤੱਕ ਵਾਪਿਸ ਨਹੀਂ ਜਾਵਾਂਗੇ।” ਕਿਸਾਨਾਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਾਰੇ ਤਿੰਨ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਨਹੀਂ ਕਰਨਗੇ ਅਤੇ ਜੇਕਰ 26 ਜਨਵਰੀ ਤੱਕ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਅੰਦਰ ਟਰੈਕਟਰ ਮਾਰਚ ਕੱਢਣਗੇ।