Farmers protest kejriwal says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਹੋਣ ਜਾ ਰਹੀ ਹੈ। ਕਿਸਾਨ ਆਗੂ ਵੀ ਗੱਲਬਾਤ ਲਈ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਇਹ ਗੱਲਬਾਤ ਕੁੱਝ ਸਮੇ ਤੱਕ ਸ਼ੁਰੂ ਹੋਵੇਗੀ।
ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਟਵੀਟ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਲਿਖਿਆ ਕਿ ਠੰਡ ਅਤੇ ਮੀਂਹ ਦੇ ਵਿਚਕਾਰ ਸੜਕਾਂ ‘ਤੇ ਡਟੇ ਸਾਡੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ। ਕੇਂਦਰ ਸਰਕਾਰ ਨੂੰ ਮੇਰੀ ਅਪੀਲ ਹੈ ਕਿ ਅੱਜ ਦੀ ਬੈਠਕ ਵਿੱਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨਦਿਆਂ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇ। ਸਰਕਾਰ ਨਾਲ ਗੱਲਬਾਤ ਬਾਰੇ, ਕਿਸਾਨ ਆਗੂ ਹਨਨ ਮੁੱਲਾ ਦਾ ਕਹਿਣਾ ਹੈ ਕਿ ਹੁਣ ਇਹ ਸਰਕਾਰ ਤੇ ਨਿਰਭਰ ਕਰਦਾ ਹੈ ਕਿ ਉਹ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ ਜਾਂ ਨਹੀਂ। ਸਾਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਕੁੱਝ ਮਨੁੱਖੀ ਪਹੁੰਚ ਕਰੇਗੀ ਅਤੇ ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰੇਗੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨਾਲ ਗੱਲਬਾਤ ਬਾਰੇ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਜ ਕੁੱਝ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਬੈਠਕ ਵਿੱਚ ਹਰ ਵਿਸ਼ੇ ‘ਤੇ ਮੰਥਨ ਹੋਵੇਗਾ।