Bku rakesh tikait : ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਦਰਮਿਆਨ ਅੱਠਵੇਂ ਦੌਰ ਦੀ ਗੱਲਬਾਤ ਦੇ ਖਤਮ ਹੋਣ ਤੋਂ ਬਾਅਦ, ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਘਰ ਵਾਪਿਸ ਨਹੀਂ ਜਾਵਾਗੇ। ਰਾਕੇਸ਼ ਟਿਕੈਤ ਨੇ ਕਿਹਾ, “ਅਸੀਂ 8 ਜਨਵਰੀ 2021 ਨੂੰ ਸਰਕਾਰ ਨਾਲ ਦੁਬਾਰਾ ਮੁਲਾਕਾਤ ਕਰਾਂਗੇ। ਇਸ ਸਮੇਂ ਦੌਰਾਨ 8 ਤਰੀਕ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ‘ਤੇ ਅਤੇ ਐਮਐਸਪੀ ਦੋਵੇਂ ਮੁੱਦਿਆਂ ‘ਤੇ ਗੱਲਬਾਤ ਹੋਵੇਗੀ। ਅਸੀਂ ਸਰਕਾਰ ਨੂੰ ਕਿਹਾ ਹੈ ਕਿ ਜੇ ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ।” ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 41 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਇਸ ਮੌਕੇ ਸਭ ਦੀਆ ਨਜਰਾਂ ਹੁਣ 8 ਜਨਵਰੀ ਨੂੰ ਹੋਣ ਵਾਲੀ ਬੈਠਕ ‘ਤੇ ਟਿਕੀਆਂ ਹੋਈਆਂ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਬੈਠਕ ਵਿੱਚ ਕਿਸਾਨਾਂ ਨੇ ਇਕਮੁੱਠ ਹੋ ਕੇ ਕਿਹਾ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਿਸ ਨਹੀਂ ਲੈਂਦੀ, ਕੋਈ ਗੱਲਬਾਤ ਨਹੀਂ ਹੋਵੇਗੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਪਿੱਛਲੀ ਵਾਰ ਦੇ ਮੁਕਾਬਲੇ ਇਸ ਵਾਰ ਸਰਕਾਰ ਦੇ ਰਵੱਈਏ ਵਿੱਚ ਸਕਾਰਾਤਮਕ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਅਗਲੇ ਚਾਰ ਦਿਨਾਂ ਵਿੱਚ ਇੱਕ ਦੂਜੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਸੀਂ 8 ਜਨਵਰੀ ਨੂੰ ਫਿਰ ਗੱਲਬਾਤ ਦੀ ਮੇਜ਼ ‘ਤੇ ਆਵਾਂਗੇ। ਟਿਕੈਤ ਅਨੁਸਾਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ ਅਤੇ 8 ਜਨਵਰੀ ਨੂੰ ਇੱਕ ਵਾਰ ਫਿਰ ਕਾਨੂੰਨ ਰੱਦ ਕਰਨ ਦੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਦੋਂ ਤੱਕ ਅੰਦੋਲਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਨੇ ਪਹਿਲਾਂ ਹੀ 6 ਜਨਵਰੀ ਨੂੰ ਟਰੈਕਟਰ ਰੈਲੀ ਕੱਢਣ ਦਾ ਐਲਾਨ ਕਰ ਦਿੱਤਾ ਹੈ, ਇਸ ਤੋਂ ਇਲਾਵਾ 26 ਜਨਵਰੀ ਤੱਕ ਵੱਖ-ਵੱਖ ਤਰੀਕਿਆਂ ਨਾਲ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ।
ਇਹ ਵੀ ਦੇਖੋ : Tikri Border ‘ਤੇ ਡਟੇ ਵਕੀਲਾਂ ਦਾ ਹੌਂਸਲਾ ਦੇਖ ਤੁਸੀ ਵੀ ਕਰੋਗੇ ਵਾਹ-ਵਾਹ ! | Daily Post Punjabi