Kisan andolan minister tomar hopes : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਉਮੀਦ ਜਤਾਈ ਕਿ ਸ਼ੁੱਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਵਿੱਚ ਵਿਵਾਦ ਸੁਲਝ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਵੀ ਕਿਸਾਨਾਂ ਦੇ ਭਲੇ ਲਈ ਸੋਚਣਗੀਆਂ ਅਤੇ ਹੱਲ ਲਈ ਸਰਗਰਮ ਭੂਮਿਕਾ ਅਦਾ ਕਰਨਗੀਆਂ। ਤੁਹਾਨੂੰ ਦੱਸ ਦਈਏ ਕਿ ਪਿੱਛਲੇ 40 ਦਿਨਾਂ ਤੋਂ ਸੈਂਕੜੇ ਕਿਸਾਨ ਕੇਂਦਰ ਦੀ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਨੇ ਸਰਕਾਰ ਨਾਲ ਹੁਣ ਤੱਕ ਸੱਤ ਗੇੜ ਗੱਲਬਾਤ ਕੀਤੀ ਹੈ, ਜਿਸ ਵਿੱਚ ਕਿਸਾਨ ਜੱਥੇਬੰਦੀਆਂ ਦੀਆਂ ਕੁੱਝ ਮੰਗਾਂ ਮੰਨ ਲਈਆਂ ਗਈਆਂ ਹਨ, ਜਦੋਂ ਕਿ ਐਮਐਸਪੀ ਦੀ ਗਰੰਟੀ ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਮਸਲਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ ਆਪਣੇ-ਆਪਣੇ ਦਾਅਵਿਆਂ ‘ਤੇ ਅੜਿਆ ਹੋਇਆ ਹੈ।
8 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਸਰਕਾਰ ਦਰਮਿਆਨ ਅੱਠਵਾਂ ਦੌਰ ਦੀ ਗੱਲਬਾਤ ਹੋਵੇਗੀ। ਇਸ ਦੇ ਮੱਦੇਨਜ਼ਰ, ਖੇਤੀਬਾੜੀ ਮੰਤਰੀ ਤੋਮਰ ਨੇ ਇੱਕ ਹੱਲ ਦੀ ਉਮੀਦ ਜਤਾਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਾਂ। ਅਸੀਂ ਉਨ੍ਹਾਂ ਨੂੰ ਵੀ ਮਿਲਾਂਗੇ ਜੋ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵੀ ਮਿਲਾਂਗੇ ਜੋ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਮੈਨੂੰ ਉਮੀਦ ਹੈ ਕਿ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਸੰਸਥਾਵਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਣਗੀਆਂ ਅਤੇ ਹੱਲ ਲੱਭਣ ਵਿੱਚ ਸਰਗਰਮ ਰਹਿਣਗੀਆਂ।