FIR against Sangrur Jail SP : ਸੰਗਰੂਰ : ਸੰਗਰੂਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਐਸਪੀ (ਜੇਲ), ਇੱਕ ਡੀਐਸਪੀ ਅਤੇ ਇੱਕ ਵਾਰਡਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਪੈਸਿਆਂ ਲਈ ਜੇਲ੍ਹ ਵਿੱਚ ਪਾਬੰਦੀਸ਼ੁਦਾ ਚੀਜ਼ਾਂ ਹੁੰਟਾਉਣ ਦੇ ਦੋਸ਼ ਸਨ। ਇਸ ਦੇ ਨਾਲ ਹੀ ਇਨ੍ਹਾਂ ਤਿੰਨਾਂ ‘ਤੇ ਦੋਸ਼ ਲੱਗੇ ਸਨ ਕਿ ਇਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਗਲਤ ਰਿਪੋਰਟਾਂ ਭੇਜੀਆਂ ਸਨ, ਜਿਸ ਦੇ ਚੱਲਦਿਆਂ ਇਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ 1988, 52 ਏ ਜੇਲ੍ਹਾਂ ਐਕਟ ਅਤੇ ਆਪਦਾ ਪ੍ਰਬੰਧਨ ਐਕਟ 2005 ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿਤਪਾਲ ਸਿੰਘ ਐਸਐਚਓ ਸੰਗਰੂਰ ਸ਼ਹਿਰ ਨੇ ਦੱਸਿਆ ਕਿ ਸਾਨੂੰ ਇਨ੍ਹਾਂ ਤਿੰਨਾਂ ਮੁਲਾਜ਼ਮਾਂ ਐਸਪੀ ਬਲਵਿੰਦਰ ਸਿੰਘ, ਡੀਐਸਪੀ ਅਮਰ ਸਿੰਘ ਅਤੇ ਵਾਰਡਨ ਗੁਰਪ੍ਰਤਾਪ ਸਿੰਘ ਵਿਰੁੱਧ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਵਿਰੁੱਧ ਦੋਸ਼ ਸਹੀ ਪਾਏ ਗਏ ਹਨ, ਜਿਸ ਦੇ ਚੱਲਦਿਆਂ ਤਿੰਨਾਂ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਮੁਲਾਜ਼ਮ ਨੇ ਜੇਲ੍ਹ ਦੇ ਕੈਦੀਆਂ ਨੂੰ ਮੋਬਾਈਲ ਮੁਹੱਈਆ ਕਰਵਾਏ ਸਨ ਇਸ ਦੇ ਨਾਲ ਹੀ ਪੈਸੇ ਲੈ ਕੇ ਕੈਦੀ ਨੂੰ ਜੇਲ੍ਹ ਦੇ ਬਾਹਰ ਹਸਪਤਾਲ ਵੀ ਭੇਜਿਆ ਸੀ। ਉਹ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਗਲਤ ਰਿਪੋਰਟ ਭੇਜਣ ਦੇ ਦੋਸ਼ਾਂ ਦਾ ਵੀ ਸਾਹਮਣਾ ਕਰ ਰਹੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2019 ਵਿੱਚ, ਜੇਲ੍ਹ ਵਿਭਾਗ ਨੇ ਸੰਗਰੂਰ ਜੇਲ੍ਹ ਦੇ ਪੰਜ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ ਜਦੋਂ ਕੈਦੀਆਂ ਵੱਲੋਂ ਇਹ ਦੋਸ਼ ਲਾਏ ਗਏ ਸਨ ਕਿ ਅਧਿਕਾਰੀ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਨਾ ਫਸਾਉਣ ਲਈ ਰਿਸ਼ਵਤ ਦੀ ਮੰਗ ਕਰ ਰਹੇ ਸਨ।