Baba Harnam Singh Khalsa contributed : ਨਵੀਂ ਦਿੱਲੀ : ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਡੇਢ ਮਹੀਨੇ ਦੇ ਲਗਭਗ ਦਾ ਸਮਾਂ ਹੋਣ ਲੱਗਾ ਹੈ। ਇਸ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ਾਮਲ ਹਨ। ਕਿਸਾਨਾਂ ਨੂੰ ਦੇਸ਼ ਦੇ ਹਰ ਵਰਗ ਤੋਂ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਅਤੇ ਉਨ੍ਹਾਂ ਨੇ 5 ਲੱਖ ਰੁਪਏ ਦਾ ਯੋਗਦਾਨ ਪਾਇਆ। ਅੱਜ ਗਿਆਨੀ ਬਾਬਾ ਜੀਵਾ ਸਿੰਘ ਨੇ ਸਿੰਘੂ ਬਾਰਡਰ ਵਿਖੇ ਮੇਨ ਸਟੇਜ ’ਤੇ ਮੋਰਚੇ ਦੇ ਆਗੂਆਂ ਨੂੰ ਸੌਂਪਿਆ।
ਇਸ ਦੇ ਨਾਲ ਹੀ ਦਮਦਮੀ ਟਕਸਾਲ ਵੱਲੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ ਮੋਰਚੇ ’ਚ ਡਟੇ ਅੰਦੋਲਨਕਾਰੀਆਂ ਨੂੰ 21 ਕੁਇੰਟਲ ਖੋਏ ਦੀਆਂ ਪਿੰਨੀਆਂ ਵਰਤਾਈਆਂ ਗਈਆਂ। ਦੱਸ ਦੇਈਏ ਕਿ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋਈ ਅਤੇ ਪਹਿਲਾਂ ਵਾਂਗ ਹੀ ਅੱਜ ਦੀ ਬੈਠਕ ਵੀ ਬੇਸਿੱਟਾ ਰਹੀ ਹੈ। ਅੱਜ ਦੀ ਇਹ ਮੁਲਾਕਾਤ ਤਕਰੀਬਨ 3 ਘੰਟੇ ਚੱਲੀ।
ਹੁਣ 15 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਇੱਕ ਵਾਰ ਫਿਰ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਵਣਜ ਅਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਅਤੇ ਪੰਜਾਬ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਤਕਰੀਬਨ 40 ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਵਿਗਿਆਨ ਭਵਨ ਵਿਖੇ ਗੱਲਬਾਤ ਕੀਤੀ ਹੈ। ਉਥੇ ਹੀ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ।