Sri Japji sahib (Part 25th) : ਸ੍ਰੀ ਜਪੁਜੀ ਸਾਹਿਬ ਦੀ ਇਸ ਪਉੜੀ ਵਿੱਚ ਸ੍ਰੀ ਗੁਰੂ ਨਾਨਕ ਪਾਤਸ਼ਾਹ ਨੇ ਗਿਆਨ ਅਵਸਥਾ ਦਾ ਜ਼ਿਕਰ ਕੀਤਾ ਹੈ। ਗਿਆਨ-ਅਵਸਥਾ ਦੀ ਬਰਕਤਿ ਨਾਲ ਜਿਉਂ-ਜਿਉਂ ਸਾਰਾ ਜਗਤ ਇਕ ਸਾਂਝਾ ਪਰਿਵਾਰ ਦਿਸਣ ਲੱਗਦਾ ਹੈ, ਜੀਵ ਖ਼ਲਕਤਿ ਦੀ ਸੇਵਾ ਦੀ ਮਿਹਨਤ (‘ਸਰਮ’ ਸਿਰ ‘ਤੇ ਚੁੱਕਦਾ ਹੈ, ਮਨ ਦੀ ਪਹਿਲੀ ਤੰਗ-ਦਿਲੀ ਹਟ ਕੇ ਵਿਸ਼ਾਲਤਾ ਤੇ ਉਦਾਰਤਾ ਦੀ ਘਾੜਤ ਵਿਚ ਮਨ ਨਵੇਂ ਸਿਰੇ ਸੋਹਣਾ ਘੜਿਆ ਜਾਂਦਾ ਹੈ, ਮਨ ਵਿਚ ਇਕ ਨਵੀਂ ਜਾਗ੍ਰਤ ਆਉਂਦੀ ਹੈ, ਸੁਰਤਿ ਉੱਚੀ ਹੋਣ ਲੱਗ ਪੈਂਦੀ ਹੈ।
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥36॥
ਗਿਆਨ ਖੰਡ ਵਿਚ ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ ਗਿਆਨ ਹੀ ਬਲਵਾਨ ਹੁੰਦਾ ਹੈ। ਇਸ ਅਵਸਥਾ ਵਿਚ ਜਿਵੇਂ ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ। ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)। ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ। ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ। ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰੱਥ ਰਹਿੰਦਾ ਹੈ)। ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤਿ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ। ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ।