Preparations for tractor : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 52ਵੇਂ ਦਿਨ ਵੀ ਜਾਰੀ ਹੈ। ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਸੁਪਰੀਮ ਕੋਰਟ ਵੱਲੋਂ ਬਣਾਈ ਮੀਟਿੰਗ ਤੋਂ ਬਾਅਦ ਕੱਲ੍ਹ ਕਿਸਾਨਾਂ ਤੇ ਸਰਕਾਰ ਦਰਮਿਆਨ ਬੈਠਕ ਹੋਈ ਪਰ ਉਹ ਫਿਰ ਬੇਸਿੱਟਾ ਰਹੀ।ਹੁਣ ਅਗਲੀ ਮੀਟਿੰਗ 19 ਫਰਵਰੀ ਨੂੰ ਹੋਣੀ ਹੈ। ਅੰਨਦਾਤਿਆਂ ਵੱਲੋਂ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਪ੍ਰਦਰਸ਼ਨ 114 ਵੇਂ ਦਿਨ ਵੀ ਸ਼ੁੱਕਰਵਾਰ ਨੂੰ ਇੱਥੋਂ ਦੇ ਮਨਵਾਲਾ ਵਿਖੇ ਜਾਰੀ ਰਿਹਾ। ਕਿਸਾਨ ਸਭਾ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ 20 ਜਨਵਰੀ ਨੂੰ ਤਰਨਤਾਰਨ ਜ਼ਿਲ੍ਹੇ ਤੋਂ ਹਜ਼ਾਰਾਂ ਟਰੈਕਟਰ ਟਰਾਲੀਆਂ, ਜਿਨ੍ਹਾਂ ਦੀ ਅਗਵਾਈ ਸੁਖਵਿੰਦਰ ਸਿੰਘ ਸਭਰਾ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਕਰਨਗੇ, ਦਿੱਲੀ ਲਈ ਰਵਾਨਾ ਹੋਣਗੇ। ਯੂਨੀਅਨ ਵਰਕਰ ਪਿੰਡ ਪੱਧਰ ‘ਤੇ ਕਿਸਾਨਾਂ ਕੋਲ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਟਰੈਕਟਰ ਟਰਾਲੀਆਂ ਨਾਲ 26 ਜਨਵਰੀ ਨੂੰ ਵੱਡੀ ਗਿਣਤੀ ਵਿਚ ਦਿੱਲੀ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਵਾਰ ਵਾਰ ਹੋਈਆਂ ਮੀਟਿੰਗਾਂ ਫੇਲ ਸਾਬਤ ਹੋਈਆਂ ਅਤੇ 9ਵੇਂ ਗੇੜ ਦੀ ਬੈਠਕ ਵੀ ਸ਼ੁੱਕਰਵਾਰ ਨੂੰ ਅਸਫਲ ਸਾਬਤ ਹੋਈ।
ਹੁਣ ਕਿਸਾਨ ਯੂਨੀਅਨਾਂ 26 ਜਨਵਰੀ ਨੂੰ ਦਿੱਲੀ ਵਿੱਚ ਸ਼ਾਂਤਮਈ ਟਰੈਕਟਰ ਪਰੇਡ ਲਈ ਆਪਣੀ ਤਿਆਰੀ ਕਰ ਰਹੀਆਂ ਹਨ। ਕਿਸਾਨ ਅੰਦੋਲਨ ਇੱਕ ਵਿਸ਼ਾਲ ਲਹਿਰ ਹੈ ਜਿਸਦਾ ਉਦੇਸ਼ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਹੈ। ਸਾਡੇ ਕੁਝ ਵਿਰੋਧੀ 26 ਜਨਵਰੀ ਦੇ ਪ੍ਰੋਗਰਾਮ ਬਾਰੇ ਆਮ ਲੋਕਾਂ ਵਿੱਚ ਗੜਬੜ ਪੈਦਾ ਕਰਨਾ ਚਾਹੁੰਦੇ ਹਨ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।