Sanyukta Kisan Morcha suspends: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ । ਅੱਜ ਕਿਸਾਨ ਅੰਦੋਲਨ ਦਾ 54ਵਾਂ ਦਿਨ ਹੈ। ਇਸ ਵਿਚਾਲੇ ਕਿਸਾਨ ਜਥੇਬੰਦੀਆਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਮੁਖੀ ਗੁਰਨਾਮ ਸਿੰਘ ਚਡੂਨੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਚਡੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੁੱਖ 7 ਮੈਂਬਰੀ ਕਮੇਟੀ ਤੋਂ ਵੀ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਨੂੰ 19 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਬੈਠਕ ਤੋਂ ਵੀ ਬਾਹਰ ਰੱਖਿਆ ਜਾਵੇਗਾ।
ਦਰਅਸਲ, ਗੁਰਨਾਮ ਚਡੂਨੀ ’ਤੇ ਰਾਜਨੀਤਕ ਪਾਰਟੀਆਂ ਨਾਲ ਮੁਲਾਕਾਤ ਕਰਨ ਅਤੇ ਅੰਦੋਲਨ ਨਾਲ ਸਬੰਧਿਤ ਪ੍ਰੋਗਰਾਮ ਕਰਨ ਦਾ ਦੋਸ਼ ਲਾਇਆ ਗਿਆ ਹੈ। । ਇਸ ਤੋਂ ਇਲਾਵਾ ਚਢੂਨੀ ’ਤੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ ਨੇਤਾਵਾਂ ਨਾਲ ਮੁਲਾਕਾਤ ਕਰਨ ਦੇ ਵੀ ਦੋਸ਼ ਲੱਗੇ ਹਨ। ਇਸ ਮਾਮਲੇ ਦੀ ਜਾਂਚ ਪੂਰੀ ਹੋਣ ਤੱਕ ਚਡੂਨੀ ਯੂਨਾਈਟਿਡ ਕਿਸਾਨ ਮੋਰਚੇ ਦੀਆਂ ਅੰਦਰੂਨੀ ਮੀਟਿੰਗਾਂ ਤੇ ਕੇਂਦਰ ਸਰਕਾਰ ਨਾਲ ਬੈਠਕ ਤੋਂ ਬਾਹਰ ਵੀ ਰਹਿਣਗੇ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ, ਜਦੋਂ ਸੋਮਵਾਰ ਯਾਨੀ ਅੱਜ ਸੁਪਰੀਮ ਕੋਰਟ ਵਿੱਚ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮੁੱਦੇ ‘ਤੇ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ 19 ਜਨਵਰੀ ਨੂੰ ਕੇਂਦਰ ਸਰਕਾਰ ਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਇੱਕ ਬੈਠਕ ਵੀ ਹੋਣ ਵਾਲੀ ਹੈ।