Bhai Jaita ji : ਚੰਡੀਗੜ੍ਹ: ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਦਾ ਬਾਕੀ ਕੰਮ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਯਾਦਗਾਰ ਦੇ ਮੁਕੰਮਲ ਹੋਣ ਲਈ ਨਿਰਦੇਸ਼ ਜਾਰੀ ਕੀਤੇ ਸਨ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਨੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਲਈ 12 ਕਰੋੜ ਰੁਪਏ ਦੇ ਕੰਮਾਂ ਦਾ ਟੈਂਡਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਮੌਕੇ ਇਸ ਯਾਦਗਾਰ ਦੇ ਸੰਪੂਰਨ ਹੋਣ ਲਈ ਟੈਂਡਰ ਲਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਾਈ ਜੈਤਾ ਜੀ ਦੀ ਯਾਦਗਾਰ ਇਸ ਸਾਲ ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਵਿੱਚ ਭਾਈ ਜੈਤਾ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਯਾਦਗਾਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਯਾਤਰੀਆਂ ਲਈ ਇਕ ਮੁੱਖ ਆਕਰਸ਼ਣ ਹੈ। ਇਸ ਯਾਦਗਾਰ ਦੀ ਜਲ ਬਾਡੀ ਵਿਚ ਇੱਕ ਵਿਲੱਖਣ 50 ਫੁੱਟ ਉੱਚੀ ‘ਖੰਡਾ’ ਹੋਵੇਗੀ ਜਿਸ ਦਾ ਭਾਰ ਲਗਭਗ 32 ਟਨ ਹੋਵੇਗਾ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਭਾਈ ਜੈਤਾ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ ਅਤੇ ਯਾਦਗਾਰ ਵਿੱਚ ਪੇਸ਼ ਕੀਤੀ ਜਾਵੇਗੀ। ਦਰਸ਼ਕਾਂ ਨੂੰ ਉਨ੍ਹਾਂ ਸਾਰੇ ਇਤਿਹਾਸਕ ਤੱਥਾਂ ਬਾਰੇ ਜਾਣੂ ਕਰਾਇਆ ਜਾਵੇਗਾ ਕਿ ਕਿਵੇਂ ਭਾਈ ਜੈਤਾ ਜੀ ਨੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ੀਸ਼ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਸੀ।