North India Dense Fog: ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਠੰਡ ਅਤੇ ਧੁੰਦ ਦਾ ਪ੍ਰਕੋਪ ਜਾਰੀ ਹੈ। ਠੰਡ ਕਾਰਨ ਜਿੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਤਾਂ ਉੱਥੇ ਹੀ ਧੁੰਦ ਕਾਰਨ ਗੱਡੀਆਂ ਨੂੰ ਚੱਲਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਿਟੀ ਬਹੁਤ ਜ਼ਿਆਦਾ ਘੱਟ ਗਈ ਹੈ। ਜੰਮੂ-ਕਸ਼ਮੀਰ ਵਿੱਚ ਕੜਾਕੇ ਦੀ ਠੰਡ ਦਾ ਸਿਤਮ ਜਾਰੀ ਹੈ। ਸ੍ਰੀਨਗਰ ਵਿੱਚ ਪਾਰਾ 6 ਡਿਗਰੀ ਤੋਂ ਘੱਟ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ ਮੌਸਮ ਵਿਭਾਗ ਨੇ 22 ਜਨਵਰੀ ਤੋਂ ਫਿਰ ਤੋਂ ਕਸ਼ਮੀਰ ਘਾਟੀ ਵਿੱਚ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਲੋਕਾਂ ਦੀ ਮੁਸ਼ਕਿਲਾਂ ਹੋਰ ਵੀ ਵੱਧ ਸਕਦੀਆਂ ਹਨ। ਇੱਥੇ, ਉੱਤਰ ਭਾਰਤ ਵਿੱਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ।
ਦਿੱਲੀ ਵਿੱਚ ਵੀਰਵਾਰ ਸਵੇਰੇ ਦਾ ਤਾਪਮਾਨ 9.2 ਡਿਗਰੀ ਸੈਲਸੀਅਸ ਰਿਹਾ। ਭਾਰਤ ਮੌਸਮ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਤੋਂ ਤਾਜ਼ਾ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦੇਣਗੀਆਂ ਅਤੇ ਨਤੀਜੇ ਵਜੋਂ ਸੋਮਵਾਰ ਤੱਕ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਜਾ ਸਕਦਾ ਹੈ। ਤੇਜ਼ ਹਵਾਵਾਂ ਕਾਰਨ ਬੁੱਧਵਾਰ ਨੂੰ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਅੰਸ਼ਕ ਸੁਧਾਰ ਦਰਜ ਕੀਤਾ ਗਿਆ।
ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਅਤੇ ਸ਼ੀਤ ਲਹਿਰ ਨੇ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ, ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਕੇ 25 ਮੀਟਰ ਰਹਿ ਗਈ ਹੈ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਦੌਰਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ, ਅੰਬਾਲਾ, ਹਿਸਾਰ, ਕਰਨਾਲ, ਭਿਵਾਨੀ, ਲੁਧਿਆਣਾ, ਪਟਿਆਲਾ, ਫਰੀਦਕੋਟ ਅਤੇ ਬਠਿੰਡਾ ਵਿੱਚ ਵੀ ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਰਹੀ।
ਦੱਸ ਦੇਈਏ ਕਿ ਭਾਰਤ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਸੰਘਣੀ ਧੁੰਦ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਦੇ ਨਾਲ ਹੀ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਮੇਘਾਲਿਆ, ਨਾਗਾਲੈਂਡ, ਮਨੀਪੁਰ ਅਤੇ ਤਾਮਿਲਨਾਡੂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।