BJP leader Avinash Rai Khanna : ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਜਲਾਲਾਬਾਦ ਸਿਟੀ ਕੌਂਸਲ ਚੋਣਾਂ ਲਈ ਜਲਾਲਾਬਾਦ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਜਾਣਕਾਰੀ ਮਿਲਣ ‘ਤੇ ਡੀਐਸਪੀ ਪਲਵਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਰਾਮਲੀਲਾ ਚੌਕ ਪਹੁੰਚੇ, ਜਿਥੇ ਅਵਿਨਾਸ਼ ਰਾਏ ਖੰਨਾ ਦੀ ਗੱਡੀ ਨੂੰ ਕਿਸਾਨਾਂ ਨੇ ਘੇਰ ਲਿਆ।
ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਪਰ ਡੀਐਸਪੀ ਨੇ ਕਿਸੇ ਤਰ੍ਹਾਂ ਕਿਸਾਨਾਂ ਨੂੰ ਪਿੱਛੇ ਕਰਕੇ ਅਵਿਨਾਸ਼ ਰਾਏ ਖੰਨਾ ਨੂੰ ਉਥੋਂ ਸੁਰੱਖਿਆ ਦੇ ਨਾਲ ਬਾਹਰ ਕੱਢਿਆ। ਇਸ ਤੋਂ ਬਾਅਦ ਵੀ ਰਾਮਲੀਲਾ ਚੌਕ ਵਿਖੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਵਿਨਾਸ਼ ਰਾਏ ਖੰਨਾ ਸਿਟੀ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਜਲਾਲਾਬਾਦ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਪਿਛਲੇ 66 ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਠੰਡ ਨੂੰ ਬਰਦਾਸ਼ਤ ਕਰਦੇ ਹੋਏ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਡਟੇ ਹੋਏ ਹਨ। ਕਿਸਾਨਾਂ ਨੂੰ ਜਿਥੇ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਐਮਐਸਪੀ ਖਤਮ ਹੋਣ ਦਾ ਡਰ ਹੈ ਉਥੇ ਹੀ ਸਰਕਾਰ ਦਾਅਵਾ ਕਰ ਰਹੀ ਹੈ ਕਿ ਐਮਐਸਪੀ ਜਾਰੀ ਰਹੇਗੀ। ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਤਾਂ ਕਹੀ ਹੈ ਪਰ ਉਹ ਰੱਦ ਨਹੀਂ ਕਰਨਾ ਚਾਹੁੰਦੀ। ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਇਸ ਅੰਦਲਨ ਨੂੰ ਖਤਮ ਨਹੀਂ ਕਰਨਗੇ, ਜਦੋਂ ਤੱਕ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰ ਦੇਵੇ।