70 missing persons : ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਖੁਲਾਸਾ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਤੋਂ ਲੈ ਕੇ ਹੁਣ ਤੱਕ ਪੰਜਾਬ ਤੋਂ ਲਾਪਤਾ ਹੋਏ ਵਿਅਕਤੀਆਂ ਵਿੱਚੋਂ 70 ਵਿਅਕਤੀ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਮੁੱਖ ਮੰਤਰੀ, ਜਿਨ੍ਹਾਂ ਨੇ ਕੱਲ੍ਹ ਇਸ ਸੰਬੰਧ ‘ਚ ਨਾਗਰਿਕਾਂ ਨੂੰ ਸ਼ਿਕਾਇਤਾਂ ਕਰਨ ਲਈ ਹੈਲਪਲਾਈਨ ਨੰਬਰ ‘112’ ਦਾ ਐਲਾਨ ਕੀਤਾ ਸੀ, ਨੇ ਸਰਬ ਪਾਰਟੀ ਮੀਟਿੰਗ ਨੂੰ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਤੋਂ 5 ਵਿਅਕਤੀ ਅਜੇ ਵੀ ਲਾਪਤਾ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਲੱਭਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ 70 ਮੈਂਬਰੀ ਵਕੀਲਾਂ ਦੀ ਟੀਮ, ਮੁਫਤ ਕਾਨੂੰਨੀ ਸਹਾਇਤਾ ਨਾਲ ਕਿਸਾਨਾਂ ਦੀ ਸਹਾਇਤਾ ਲਈ ਬਣਾਈ ਗਈ ਸੀ, ਜੋ ਜੇਲ੍ਹ ਵਿੱਚ ਬੰਦ ਵਿਅਕਤੀਆਂ ਅਤੇ ਉਨ੍ਹਾਂ ਖਿਲਾਫ ਕੇਸਾਂ ਦਾ ਸਾਹਮਣਾ ਕਰ ਰਹੇ ਲੋਕਾਂ ਤੱਕ ਪਹੁੰਚ ਰਹੀ ਸੀ, ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਦਾਇਰ ਕੀਤਾ ਸੀ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕਿਸਾਨਾਂ ਦੀ ਉਨ੍ਹਾਂ ਦੇ ਘਰਾਂ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਦਰਜ 170 ਕੇਸ ਵਾਪਸ ਲਏ ਜਾ ਰਹੇ ਹਨ।