FIR against wife and brother : 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਪਹੁੰਚੇ ਇੱਕ ਲਾਪਤਾ ਹੋਏ ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਦੇ ਪਿੰਡ ਭੋਪਤਪੁਰ ਦੇ ਕਿਸਾਨ 31 ਸਾਲਾ ਬਲਵਿੰਦਰ ਸਿੰਘ ਦੀ ਲਾਸ਼ ਦਿੱਲੀ ਦੇ ਹਸਪਤਾਲ ਵਿੱਚ ਮਿਲੀ ਸੀ। ਲਾਲ ਬਹਾਦਰ ਸ਼ਾਸਤਰ ਹਸਪਤਾਲ, ਦਿੱਲੀ ਵਿੱਚ ਉਸਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ ਜਿਸ ਦਾ ਅੰਤਿਮ ਸਸਕਾਰ ਕਰਨ ਮੌਕੇ ਪਰਿਵਾਰ ਅਤੇ ਹਾਜ਼ਰ ਲੋਕਾਂ ਵੱਲੋਂ ਉਸਦੀ ਮ੍ਰਿਤਕ ਦੇਹ ਨੂੰ ਰਾਸ਼ਟਰੀ ਝੰਡੇ ਵਿੱਚ ਲਪੇਟਿਆ ਗਿਆ, ਜਿਸ ਦ ਗੰਭੀਰ ਨੋਟਿਸ ਲੈਂਦੇ ਹੋਏ ਰਾਸ਼ਟਰੀ ਝੰਡੇ ਦੇ ਅਪਮਾਨ ਦਾ ਕੇਸ ਮ੍ਰਿਤਕ ਕਿਸਾਨ ਬਲਵਿੰਦਰ ਸਿੰਘ ਦੀ ਪਤਨੀ ਜਸਬੀਰ ਕੌਰ ਅਤੇ ਉਸਦੇ ਭਰਾ ਗੁਰਵਿੰਦਰ ਸਿੰਘ ਦੇ ਖਿਲਾਫ਼ ਦਰਜ ਕੀਤਾ ਗਿਆ ਹੈ।
ਪੁਲਿਸ ਦਾ ਕਹਿਣਾ ਸੀ ਕਿ ਉਸਦੀ ਮੌਤ ਇਕ ਸੜਕ ਹਾਦਸੇ ਵਿੱਚ ਹੋਈ ਹੈ ਉਥੇ ਹੀ ਉਸ ਦੇ ਪਰਿਵਾਰ ਦਾ ਮੰਨਣਾ ਸੀ ਕਿ ਉਸ ਦੀ ਮੌਤ ਕਿਸਾਨੀ ਸੰਘਰਸ਼ ਵਿੱਚ ਹੋਈ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਉਸ ਦੀ ਲਾਸ਼ ਨੂੰ ਕੌਮੀ ਝੰਡੇ ਵਿੱਚ ਲਪੇਟਿਆ। ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਰਹੱਦ ’ਤੇ ਲੜਦੇ ਫ਼ੌਜੀਆਂ ਵਾਂਗ ਹੀ ਕਿਸਾਨ ਦੇਸ਼ ਦੇ ਲੜਾਈ ਲੜ ਰਹੇ ਹਨ। ਬਲਵਿੰਦਰ ਸਿੰਘ ਕਿਸਾਨੀ ਸੰਘਰਸ਼ ਦਾ ਸ਼ਹੀਦ ਹੈ।
ਜ਼ਿਕਰਯੋਗ ਹੈ ਕਿ ਉੱਤਰਪ੍ਰਦੇਸ਼ ਵਿੱਚ ਪੀਲੀਭੀਤ ਨੇੜੇ ਪਿੰਡ ਭੋਪਤਪੁਰ ਦਾ ਕਿਸਾਨ ਬਲਵਿੰਦਰ ਸਿੰਘ 23 ਜਨਵਰੀ ਨੂੰ ਗਾਜ਼ੀਪੁਰ ਬਾਰਡਰ ’ਤੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਆਇਆ ਸੀ ਅਤੇ 24 ਜਨਵਰੀ ਨੂੰ ਲਾਪਤਾ ਹੋ ਗਿਆ ਸੀ। ਪਰਿਵਾਰ ਵੱਲੋਂ ਉਸਦੀ ਲਗਾਤਾਰ ਲੰਬਾ ਸਮਾਂ ਭਾਲ ਕੀਤੀ ਗਈ ਅਤੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਤਕ ਦਿੱਤੇ ਗਏ ਪਰ ਅਚਨਚੇਤ ਪਹਿਲੀ ਫ਼ਰਵਰੀ ਨੂੰ ਪਰਿਵਾਰ ਨੂੰ ਦਿੱਲੀ ਪੁਲਿਸ ਵੱਲੋਂ ਫ਼ੋਨ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਬਲਵਿੰਦਰ ਸਿੰਘ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮ੍ਰਿਤਕ ਦੇਹ ਦਿੱਲੀ ਦੇ ਹਸਪਤਾਲ ਵਿੱਚ ਪਈ ਹੈ।