Farmers Mahapanchayat in Charkhi Dadri: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 74ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਦੇ ਇਨ੍ਹਾਂ ਕਾਨੂੰਨਾਂ ਖਿਲਾਫ ਸ਼ਨੀਵਾਰ ਯਾਨੀ ਕਿ ਬੀਤੇ ਦਿਨ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ ਸੀ ਤੇ ਇਸ ਜਾਮ ਦਾ ਅਸਰ ਵੇਖਣ ਨੂੰ ਮਿਲਿਆ । ਬਹੁਤ ਸਾਰੇ ਸ਼ਹਿਰਾਂ ਵਿੱਚ ਜਦੋਂ ਚੱਕਾ ਜਾਮ ਕਰਨ ਲਈ ਕਿਸਾਨ ਸੜਕਾਂ ‘ਤੇ ਉਤਰੇ ਤਾਂ ਆਵਾਜਾਈ ਦੀ ਰਫ਼ਤਾਰ ਪੂਰੀ ਤਰ੍ਹਾਂ ਠੱਪ ਹੋ ਗਈ। ਦੇਸ਼ ਵਿੱਚ ਚੱਕਾ ਜਾਮ ਕਰਨ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਚਰਖੀ ਅੱਜ ਦਾਦਰੀ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਿਲ ਹੋਣਗੇ।
ਦਰਅਸਲ, ਹਰਿਆਣਾ ਦੇ ਚਰਖੀ ਦਾਦਰੀ ਵਿੱਚ ਸਵੇਰੇ ਸਵੇਰੇ 11 ਵਜੇ ਪਹਿਲੀ ਕਿਸਾਨ ਮਹਾਪੰਚਾਇਤ ਹੋਵੇਗੀ, ਜਦੋਂਕਿ ਦੂਸਰੀ ਕਿਸਾਨ ਮਹਾਪੰਚਾਇਤ ਦੁਪਹਿਰ 2 ਵਜੇ ਚਰਖੀ ਦਾਦਰੀ ਵਿਖੇ ਹੋਵੇਗੀ । ਮਹਾਪੰਚਾਇਤ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਹੈ ਕਿ ਅੰਦੋਲਨ 2 ਅਕਤੂਬਰ ਤੱਕ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੇਤਾ ਨਾਲ ਫੋਨ ’ਤੇ ਗੱਲ ਨਹੀਂ ਕਰਨਾ ਚਾਹੁੰਦੇ । ਸਰਕਾਰ ਨਾਲ ਹੁਣ ਬਰਾਬਰ ਦੀ ਗੱਲ ਹੋਵੇਗੀ ।
ਦੱਸ ਦੇਈਏ ਕਿ ਕਿਸਾਨਾਂ ਦੇ ਸਮਰਥਨ ਵਿੱਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਲਗਾਤਾਰ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਹਰਿਆਣਾ ਦੇ ਫ਼ਤਿਹਾਬਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਸ਼ਨੀਵਾਰ ਨੂੰ ਮਹਾਪੰਚਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਨੇਤਾਵਾਂ ਨੂੰ ਮਾਡਰਨ ਡਾਕੂ ਦੱਸਿਆ। ਉੱਥੇ ਹੀ ਰਾਕੇਸ਼ ਟਿਕੈਤ ਮਹਾਪੰਚਾਇਤ ਵਿੱਚ ਹਿੱਸੇਦਾਰੀ ਕਰਨ ਵਾਲੇ ਹਨ। ਇਸ ਦੌਰਾਨ ਟਿਕੈਤ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵਿਚਾਲੇ ਆਪਣੀ ਗੱਲ ਰੱਖਣਗੇ।
ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕਿਸੇ ਵੀ ਚੀਜ਼ ਨੂੰ ਮੰਨਣ ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ਨੇ ਇੱਥੋਂ ਤੱਕ ਕਿਹਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰ ਦੇਣਗੇ ਅਤੇ ਇਸ ਦੌਰਾਨ ਜੋ ਸੁਝਾਅ ਆਉਣਗੇ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇਗਾ । ਪਰ ਕਿਸਾਨਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜਦੋਂ ਤੱਕ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦੀ ਘਰ ਵਾਪਸੀ ਨਹੀਂ ਹੋਵੇਗੀ।