Tanmanjit Dhesi raises farmers issue : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਅੰਤਰ ਰਾਸ਼ਟਰੀ ਸੁਰਖੀਆਂ ਵੀ ਮਿਲ ਰਹੀਆਂ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 80 ਵਾਂ ਦਿਨ ਹੈ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਵਲੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਅੰਤਰਰਾਸ਼ਟਰੀ ਪੱਧਰ ‘ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਜਾ ਰਹੀ ਹੈ। ਇਸ ਦੌਰਾਨ ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਇੱਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਚੁੱਕਿਆ ਹੈ।
ਤਨਮਨਜੀਤ ਸਿੰਘ ਢੇਸੀ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਨ੍ਹਾਂ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਸੰਸਦ ਮੈਂਬਰਾਂ ਦੇ ਦਸਤਖ਼ਤ ਵਾਲੀ ਇੱਕ ਚਿੱਠੀ ਵੀ ਭੇਜੀ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਆਨਲਾਈਨ ਪਟੀਸ਼ਨ ‘ਤੇ ਦਸਤਖ਼ਤ ਵੀ ਕੀਤੇ ਹਨ। ਤਨਮਨਜੀਤ ਸਿੰਘ ਢੇਸੀ ਵਲੋਂ ਨੌਦੀਪ ਕੌਰ ਦਾ ਮਸਲਾ ਵੀ ਚੁੱਕਿਆ ਗਿਆ ਹੈ। ਢੇਸੀ ਵਲੋਂ ਨੌਦੀਪ ਕੌਰ ਦੇ ਮਸਲੇ ‘ਤੇ ਪਾਰਲੀਮੈਂਟ ‘ਚ ਚਰਚਾ ਕਰਨ ਦੀ ਮੰਗ ਵੀ ਕੀਤੀ ਗਈ ਹੈ। ਢੇਸੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਨੌਦੀਪ ਕੌਰ ਵਰਗੇ ਸਮਾਜਿਕ ਵਰਕਰਾਂ ਅਤੇ ਪੱਤਰਕਾਰਾਂ ਨੂੰ ਕਥਿਤ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੁਲੀਸ ਹਿਰਾਸਤ ‘ਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਭਾਰਤ ‘ਚ ਕਿਸਾਨ ਅੰਦੋਲਨ ਪਿੱਛਲੇ ਕੁੱਝ ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਨੇ ਸਾਡੀ ਚਿੰਤਾ ਵਧਾਈ ਹੈ। ਕੰਜ਼ਰਵੇਟਿਵ ਪਾਰਟੀ ਦੇ ਐੱਮਪੀ ਜੈਕਬ ਰੀਜ਼ ਮੋਗ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਹੈ। ਜੈਕਬ ਰੀਜ਼ ਮੋਗ ਨੇ ਕਿਹਾ, “ਸ਼ਾਂਤੀਪੂਰਨ ਪ੍ਰਦਰਸ਼ਨ, ਬੋਲਣ ਦੀ ਆਜ਼ਾਦੀ ਅਤੇ ਇੰਟਰਨੈੱਟ ਦੀ ਆਜ਼ਾਦੀ ਲੋਕਾਂ ਦੇ ਬੁਨਿਆਦੀ ਅਧਿਕਾਰ ਹਨ।”
ਇਹ ਵੀ ਦੇਖੋ : ਮੋਬਾਇਲ ‘ਚ Save ਕਰਕੇ ਰੱਖਿਓ ਇਹ ਵੀਡੀਓ, ਜੇ ਕੋਈ ਚੁੱਕੇ ਅੰਦੋਲਨ ‘ਤੇ ਸਵਾਲ ਤਾਂ ਦਿਖਾਇਓ ਜਰੂਰ !