A rally in : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਆਗੂ ਪਿਛਲੇ ਤਿੰਨ ਮਹੀਨਿਆਂ ਤੋਂ ਡਟੇ ਹੋਏ ਹਨ। ਅੱਜ ਕਿਸਾਨੀ ਅੰਦੋਲਨ ਦਾ 90ਵਾਂ ਦਿਨ ਹੈ। ਕਿਸਾਨੀ ਅੰਦੋਲਨ ਨੂੰ ਸਿਰਫ ਦੇਸ਼ਾਂ ਤੋਂ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨੀਂ ਸਿਡਨੀ ‘ਚ ਵੀ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਰੈਲੀ ਕੀਤੀ ਗਈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਛੇਤੀ ਰੱਦ ਕਰਨ ਦੀ ਅਪੀਲ ਕੀਤੀ ਗਈ। ਇਸ ਰੈਲੀ ‘ਚ ਬਲੈਕ ਟਾਊਨ ਗਰਾਊਂਡ ਵਿਖੇ ਕੀਤੀ ਗਈ ਜਿਸ ‘ਚ ਵੱਡੀ ਗਿਣਤੀ ‘ਚ ਨੌਜਵਾਨ ਸ਼ਾਮਲ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਇਨ੍ਹਾਂ ਖੇਤੀ ਕਾਨੂੰਨਾਂ ‘ਚ ਸੋਧ ਕਰਨ ਨੂੰ ਤਾਂ ਤਿਆਰ ਹੈ ਪਰ ਇਨ੍ਹਾਂ ਨੂੰ ਰੱਦ ਨਹੀਂ ਕਰ ਰਹੀ। ਫਾਰਮ ਕਾਨੂੰਨਾਂ ‘ਚ ਸੋਧ ਇਹ ਸਿੱਧ ਕਰਦੀ ਹੈ ਕਿ ਇਸ ‘ਚ ਕੁਝ ਖਾਮੀਆਂ ਤਾਂ ਜ਼ਰੂਰ ਹਨ ਪਰ ਸਰਕਾਰ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਕਿਸਾਨੀ ਅੰਦੋਲਨ ਦੇ ਹੱਕ ‘ਚ ਕੌਮਾਂਤਰੀ ਪੱਧਰ ‘ਤੇ ਕਈ ਮੰਨੀਆਂ-ਪ੍ਰਮੰਨੀਆਂ ਹਸਤੀਆਂ ਨੇ ਆਵਾਜ਼ ਬੁਲੰਦ ਕੀਤੀ ਹੈ ਪਰ ਕੇਂਦਰ ‘ਤੇ ਇਸ ਦਾ ਕੋਈ ਅਸਰ ਨਹੀਂ ਪੈ ਰਿਹਾ। ਸਿਡਨੀ ‘ਚ ਹੋਈ ਰੈਲੀ ‘ਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਬਹੁਤ ਹੀ ਜਲਦਬਾਜ਼ੀ ‘ਚ ਤਿਆਰ ਕੀਤੇ ਗਏ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਕਾਨੂੰਨ ਕਿਸਾਨਾਂ ਲਈ ਬਣਾਏ ਗਏ ਹਨ ਤੇ ਜੇ ਕਿਸਾਨ ਹੀ ਇਸ ਨੂੰ ਮੰਨਣ ਲਈ ਤਿਆਰ ਨਹੀਂ ਹਨ ਤਾਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।