National Lok Adalat : ਜੇਕਰ ਤੁਹਾਡਾ ਕੋਈ ਮਾਮਲਾ ਅਦਾਲਤ ਵਿੱਚ ਪੈਂਡਿੰਗ ਹੈ ਅਤੇ ਤੁਸੀਂ ਅਦਾਲਤਾਂ ਦੇ ਚੱਕਰ ਕੱਟ ਕੇ ਥੱਕ ਗਏ ਹੋ ਅਤੇ ਇਸ ਦਾ ਨਿਪਟਾਰਾ ਚਾਹੁੰਦਾ ਹੈ ਤਾਂ ਉਸ ਦੇ ਲਈ ਚੰਗੀ ਖਬਰ ਹੈ। ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 10 ਅਪ੍ਰੈਲ ਨੂੰ ਦੇਸ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ ਉਸੇ ਦਿਨ ਪਠਾਨਕੋਟ ਦੇ ਜਿਲ੍ਹਾ ਕੋਰਟ ਕੰਪਲੈਕਸ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਨਾਲ ਦੋਵਾਂ ਧਿਰਾਂ ਦੇ ਪੈਸੇ ਦੇ ਨਾਲ ਸਮਾਂ ਵੀ ਬਚੇਗਾ।
ਦੱਸਣਯੋਗ ਹੈ ਕਿ ਲੋਕ ਅਦਾਲਤਾਂ ਵਿੱਚ ਕੇਸ ਲਗਾਉਂਣ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ, ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ। ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ, ਇਸ ਦਾ ਫੈਸਲਾ ਅੰਤਿਮ ਹੁੰਦਾ ਹੈ।
ਇਸ ਅਦਾਲਤ ਦਾ ਮੁੱਖ ਟੀਚਾ ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ। ਇਸ ਵਿੱਚ ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ‘ਤੇ ਸੁਣਵਾਈ ਹੋ ਸਕਦੀ ਹੈ। ਇਹ ਜਾਣਕਾਰੀ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਦਿੱਤੀ। ਇਸ ਅਦਾਲਤ ਵਿੱਚ ਕੇਸ ਲਗਾਉਣ ਲਈ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕੀਤੀ ਜਾ ਸਕਦੀ ਹੈ । ਜੇਕਰ ਕੇਸ ਅਦਾਲਤ ਵਿੱਚ ਪੈਂਡਿੰਗ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।