Second phase of corona vaccine begins in Punjab : ਚੰਡੀਗੜ੍ਹ : ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਵਿੱਚ ਕੋਰੋਨਾ ਵੈਕਸੀਨ ਦਾ ਦੂਸਰਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕਰਨ ਨੂੰ ਪਹਿਲ ਦਿੱਤੀ ਜਾਵੇਗੀ। ਇਹ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ‘ਤੇ ਪਹਿਲਾਂ ਵਾਂਗ ਹੀ ਮੁਫਤ ਮੁਹੱਈਆ ਕਰਵਾਇਆ ਜਾਵੇਗਾ, ਜਦਕਿ ਨਿੱਜੀ ਸਿਹਤ ਸੰਸਥਾਵਾਂ ਵਿੱਚ ਇਹ ਭਾਰਤ ਸਰਕਾਰ ਵੱਲੋਂ ਸਮੇਂ-ਸਮੇਂ ਤੇ ਤੈਅ ਦਰਾਂ ਅਨੁਸਾਰ ਭੁਗਤਾਨ ਦੇ ਅਧਾਰ
ਤੇ ਹੋਵੇਗਾ।
ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੰਦਿਆਂ ਦੱਸਿਆ ਕਿ 60 ਸਾਲ ਦੀ ਉਮਰ ਤੋਂ ਵੱਧ ਦੇ ਨਾਗਰਿਕ ਜਾਂ ਉਹ ਨਾਗਰਿਕ ਜਿਨ੍ਹਾਂ ਦੀ ਉਮਰ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ, ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਦੀ ਸਿਫ਼ਾਰਸ਼ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਇਸਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ।
ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਦੇ ਪਹਿਲੇ ਪੜਾਅ ਦੇ ਲਾਗੂਕਰਨ ਦੌਰਾਨ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਕੋਵਿਨ 2.0 ਪੋਰਟਲ ਲਿਆਂਦਾ ਜਾ ਰਿਹਾ ਹੈ। ਲਾਭਪਾਤਰੀ ਖੁਦ ਨੂੰ COWIN 2.0 ਪੋਰਟਲ ਜਾਂ ਹੋਰ ਆਈ.ਟੀ. ਐਪਲੀਕੇਸ਼ਨਾਂ ਜਿਵੇਂ ਅਰੋਗਿਆ ਸੇਤੂ ਆਦਿ ਰਾਹੀਂ ਟੀਕਾਕਰਨ ਵਾਸਤੇ ਰਜਿਸਟਰ ਕਰ ਸਕਣਗੇ।