Young Farmer of Patiala : ਪਟਿਆਲਾ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜ਼ਿੰਦਗੀ ਗੁਆ ਚੁੱਕੇ ਹਨ। ਹੁਣ ਫਿਰ ਸਿੰਘੂ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਕਿਸਾਨ ਦੀ ਪਛਾਣ 19 ਸਾਲਾ ਨਵਜੋਤ ਸਿੰਘ ਵਜੋਂ ਹੋਈ ਹੈ, ਜੋਕਿ ਪਟਿਆਲਾ ਜ਼ਿਲ੍ਹੇ ਵਿੱਚ ਨਾਭਾ ਦੇ ਪਿੰਡ ਖੇੜੀ ਜੱਟਾਂ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਨਵਜੋਤ ਆਪਣੇ ਘਰ ਦਾ ਇਕਲੌਤਾ ਪੁੱਤਰ ਸੀ। ਜਿਵੇਂ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ, ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਨਵਜੋਤ ਸਿੰਘ ਆਪਣੇ ਪਿੰਡ ਦੇ ਕੁਝ ਕਿਸਾਨਾਂ ਨਾਲ ਸਿੰਘੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਚਾਰ ਦਿਨਾਂ ਤੋਂ ਧਰਨੇ ਵਿੱਚ ਸ਼ਾਮਲ ਸੀ। ਪੁਲਿਸ ਨੇ ਮ੍ਰਿਤਕ ਦੇਹ ਨੂੰ ਸੋਨੀਪਤ ਵਿੱਚ ਪੋਸਟ ਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਹਵਾਲੇ ਕਰ ਦਿੱਤਾ ਹੈ। ਪਿੰਡ ਦੇ ਕਿਸਾਨਾਂ ਅਨੁਸਾਰ ਉਸ ਨੇ ਰਾਤ ਨੂੰ ਖਾਣਾ ਖਾਧਾ ਪਰ ਬਾਅਦ ਵਿੱਚ ਸਵੇਰੇ ਉਠਿਆ ਹੀ ਨਹੀਂ।
ਦੱਸ ਦੇਈਏ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ।