Bihar CM take vaccine shots: ਦੇਸ਼ ਵਿੱਚ ਕੋਰੋਨਾ ਵਾਇਰਸ ਖਿਲਾਫ਼ ਟੀਕਾਕਰਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਪੜਾਅ ਦੀ ਸ਼ੁਰੂਆਤ ਹੁੰਦਿਆਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਕੋਵੈਕਸੀਨ ਦੀ ਪਹਿਲੀ ਖੁਰਾਕ ਲਈ । ਪ੍ਰਧਾਨ ਮੰਤਰੀ ਨੂੰ ਭਾਰਤ ਬਾਇਓਟੈਕ ਅਤੇ ICMR ਵੱਲੋਂ ਨਿਰਮਿਤ ਕੋਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਵੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਅੱਜ ਐਂਟੀ-ਕੋਰੋਨਾ ਟੀਕਾ ਲਗਾਉਣਗੇ। ਇਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਨੇਤਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਮਲਿਕਾਰਜੁਨ ਖੜਗੇ ਦਾ ਕਹਿਣਾ ਹੈ ਕਿ ਇਹ ਟੀਕਾ ਨੌਜਵਾਨਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ।
ਉੱਥੇ ਹੀ ਦੂਜੇ ਪਾਸੇ ਭਾਜਪਾ ਨੇ ਕਿਹਾ ਹੈ ਕਿ ਪਾਰਟੀ ਦੇ ਸਾਰੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਅਗਲੇ ਇੱਕ ਹਫ਼ਤੇ ਵਿੱਚ ਕੋਰੋਨਾ ਟੀਕਾ ਲਗਵਾਉਣਗੇ । ਸੂਤਰਾਂ ਅਨੁਸਾਰ ਪਾਰਟੀ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ 60 ਸਾਲ ਤੋਂ ਵੱਧ ਉਮਰ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਜਾਂ ਗੰਭੀਰ ਬਿਮਾਰੀ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਆਗੂ, ਆਪਣੇ-ਆਪਣੇ ਖੇਤਰਾਂ ਵਿੱਚ ਪੈਸੇ ਦੇ ਕੇ ਟੀਕੇ ਲਗਵਾਉਣਗੇ ।
ਭਾਜਪਾ ਦੇ ਸੂਤਰਾਂ ਅਨੁਸਾਰ ਪੈਸੇ ਦੇ ਕੇ ਟੀਕਾ ਲਗਵਾਉਣ ਦੀ ਹਦਾਇਤ ਦਿੱਤੀ ਗਈ ਹੈ, ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਸਿਰਫ ਉਨ੍ਹਾਂ ਨੂੰ ਮੁਫਤ ਟੀਕਾ ਮਿਲੇ ਜੋ ਇਸਦੀ ਕੀਮਤ ਨਹੀਂ ਚੁਕਾ ਸਕਦੇ। ਇਸਦੇ ਨਾਲ ਸਾਰਿਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਟੀਕਾ ਲਗਵਾਉਣ, ਜਿਸ ਨਾਲ ਆਮ ਲੋਕਾਂ ਪ੍ਰਤੀ ਭਰੋਸਾ ਪੈਦਾ ਹੋਵੇਗਾ।