Sanyukta kisan morcha will jam : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 98 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਇੱਕ ਵਾਰ ਫਿਰ ਕੇਂਦਰ ਵਿਰੁੱਧ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਰਹੀਆਂ ਹਨ। ਇਸ ਸਬੰਧ ਵਿੱਚ, ਸੰਯੁਕਤ ਕਿਸਾਨ ਮੋਰਚੇ ਨੇ ਮੰਗਲਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਇਸ ਘੋਸ਼ਣਾ ਅਨੁਸਾਰ 6 ਮਾਰਚ ਨੂੰ ਕਿਸਾਨ ਕੇਐਮਪੀ ਐਕਸਪ੍ਰੈਸ ਵੇਅ ਜਾਮ ਕਰਨਗੇ, ਅਤੇ 12 ਮਾਰਚ ਨੂੰ ਬੰਗਾਲ ਵਿੱਚ ਕਿਸਾਨਾਂ ਦੀ ਵਿਸ਼ਾਲ ਰੈਲੀ ਹੋਵੇਗੀ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਭਾਜਪਾ ਦਾ ਬੰਗਾਲ ਸਣੇ ਸਾਰੇ ਰਾਜਾਂ ਵਿੱਚ ਵਿਰੋਧ ਕਰੇਗਾ ਜਿੱਥੇ ਕੁੱਝ ਸਮੇਂ ਬਾਅਦ ਚੋਣਾਂ ਹੋਣੀਆਂ ਹਨ।
ਫਿਲਹਾਲ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਇਸ ਮਸਲੇ ਦਾ ਕੋਈ ਹੱਲ ਨਹੀਂ ਮਿਲਿਆ ਹੈ। ਇੱਕ ਪਾਸੇ, ਜਿੱਥੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹਨ, ਉਥੇ ਹੀ ਸਰਕਾਰ ਵੀ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਇਸ ਤੋਂ ਪਹਿਲਾ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਸੀ ਕਿ ਪਿੱਛਲੇ ਕੁੱਝ ਦਿਨਾਂ ਤੋਂ ਕੇਂਦਰ ਸਰਕਾਰ ਦੀ ‘ਚੁੱਪ’ ਸੰਕੇਤ ਦੇ ਰਹੀ ਹੈ ਕਿ ਸਰਕਾਰ ਕਿਸਾਨੀ ਅੰਦੋਲਨ ਦੇ ਵਿਰੁੱਧ ਕੁੱਝ ਰੂਪ ਰੇਖਾ ਤਿਆਰ ਕਰ ਰਹੀ ਹੈ। ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਦਾ ਦੌਰ ਰੋਕਣ ਸਬੰਧੀ ਉਨ੍ਹਾਂ ਕਿਹਾ ਸੀ ਕਿ ਸਰਕਾਰ ਨੂੰ ਦੁਬਾਰਾ ਗੱਲਬਾਤ ਕਰਨ ਦਾ ਪ੍ਰਸਤਾਵ ਲਿਆਉਣਾ ਹੋਵੇਗਾ।