Former Akali MLA : ਸਿਆਸੀ ਲੀਡਰਾਂ ਵੱਲੋਂ ਕਿਸਾਨੀ ਅੰਦੋਲਨ ਕਾਰਨ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕੀਤਾ ਜਾਣ ਲੱਗਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ‘ਚ ਕਈ ਨੇਤਾਵਾਂ ਨੇ ਬੀਜੇਪੀ ਦੀ ਟਿਕਟ ‘ਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਹੁਣ ਅਕਾਲੀ ਦਲ ਦੀ ਮਹਿਲਾ ਲੀਡਰ ਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵੱਲੋਂ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕੀਤਾ ਗਿਆ ਹੈ।
ਵਿਧਾਇਕਾ ਵਨਿੰਦਰ ਕੌਰ ਲੂੰਬਾ ਨੇ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਲਗਭਗ 100 ਦਿਨਾਂ ਤੋਂ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਉਨ੍ਹਾਂ ਨੂੰ ਕੋਈ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਅੰਨਦਾਤਾ ਸੜਕਾਂ ‘ਤੇ ਹੈ ਤੇ ਮੋਦੀ ਸਰਕਾਰ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਉੁਨ੍ਹਾਂ ਨਾਲ ਹੀ ਹੋਰਨਾਂ ਸਿਆਸੀ ਲੀਡਰਾਂ ਨੂੰ ਵੀ ਚੋਣਾਂ ਦਾ ਬਾਈਕਾਟ ਕਰਨ ਦੀ ਸਲਾਹ ਦਿੱਤੀ ਤੇ ਕਿਹਾ ਕਿ ਸਾਨੂੰ ਆਪਣੇ ਕਿਸਾਨ ਭਰਾਵਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ । ਬੀਬੀ ਵਨਿੰਦਰ ਕੌਰ ਲੂੰਬਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਹਨ। ਉਹ ਪਾਰਟੀ ਦੀ ਹਲਕਾ ਇੰਚਾਰਜ ਵੀ ਸਨ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਸ਼ੁਤਰਾਣਾ ਤੋਂ ਅਗਲੀ ਨਾ ਚੋਣ ਲੜਨ ਸਬੰਧੀ ਉਨ੍ਹਾਂ ਨੇ ਪਾਰਟੀ ਇੰਚਾਰਜ ਸ. ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਵੀ ਸੂਚਿਤ ਕਰ ਦਿੱਤਾ ਹੈ।