Night Curfew imposed in Patiala : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਦੇ ਚੱਲਦਿਆਂ ਸੂਬੇ ਵਿੱਚ ਚਾਰ ਜ਼ਿਲ੍ਹਿਆਂ ਤੋਂ ਬਾਅਦ ਹੁਣ ਪਟਿਆਲਾ ਜ਼ਿਲ੍ਹੇ ਵਿੱਚ ਵੀ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਡੀਸੀ ਕੁਮਾਰ ਅਮਿਤ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਹ ਪਾਬੰਦੀਆਂ ਕੱਲ੍ਹ ਤੋਂ ਲਾਗ ਹੋਣਗੀਆਂ, ਜਿਸ ਦੌਰਾਨ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਨਾਈਟ ਕਰਫਿਊ ਲਾਗੂ ਰਹੇਗਾ।
ਹਾਲਾਂਕਿ ਇਸ ਦੌਰਾਨ ਡਿਊਟੀ ’ਤੇ ਤਾਇਨਾਤ ਫੌਜੀ ਅਮਲੇ, ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ, ਜ਼ਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਤੇ ਕਿਸੇ ਹੋਰ ਲੋੜੀਂਦੀ ਐਮਰਜੈਂਸੀ ਵਿੱਚ ਛੋਟ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਦੋਆਬੇ ਵਿੱਚ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਬਾਹਰ ਨਿਕਲਣ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇੱਕ ਸਰਕਾਰੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਸਕੂਲ/ਕਾਲਜਾਂ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਇਸ ਮਹਾਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਇਹ ਇਨਫੈਕਸ਼ਨ ਫੈਲ ਰਿਹਾ ਹੈ, ਜਿਸ ਕਰਕੇ ਮਾਮਲੇ ਵੱਧ ਰਹੇ ਹਨ ਕਿਉਂਕਿ ਵਿਦਿਆਰਥੀਆਂ ਦੇ ਘਰਾਂ ਵਿੱਚ ਬਜ਼ੁਰਗ ਲੋਕ ਤੇ ਮਾਪੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਨਾਲ ਉਨ੍ਹਾਂ ਨੂੰ ਇਸ ਇਨਫੈਕਸ਼ਨ ਦੀ ਲਪੇਟ ਵਿੱਚ ਆਉਣ ਦਾ ਖਤਰਾ ਵੱਧ ਜਾਂਦਾ ਹੈ।