ED summons Sukhpal Singh Khaira : 9 ਮਾਰਚ ਨੂੰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਅਤੇ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇੱਕੋ ਸਮੇਂ ਛਾਪੇ ਮਾਰੇ ਸੀ। ਜਿਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆ ਮੁਸ਼ਕਿਲਾਂ ‘ਚ ਵਾਧਾ ਹੁੰਦਾ ਦਿੱਖ ਰਿਹਾ ਹੈ, ਈਡੀ ਨੇ ਖਹਿਰਾ ਨੂੰ 17 ਮਾਰਚ ਨੂੰ ਦਿੱਲੀ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਇਹ ਸੰਮਨ ਈਡੀ ਦੇ ਸਹਾਇਕ ਨਿਰਦੇਸ਼ਕ ਰਾਜਾ ਰਾਮ ਮੀਨਾ ਦੁਆਰਾ ਜਾਰੀ ਕੀਤੇ ਗਏ ਹਨ, ਜੋ ਮਨੀ ਲਾਂਡਰਿੰਗ ਰੋਕੂ ਐਕਟ (PMLA) ਦੀਆਂ ਧਾਰਾਵਾਂ ਤਹਿਤ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
ਮੀਨਾ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਿਹਾ ਹੈ ਕਿ ਉਹ ਈਡੀ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ। ਉਨ੍ਹਾਂ ਨੂੰ ਆਪਣੇ ਨਾਲ ਕੁੱਝ ਦਸਤਾਵੇਜ਼ ਲਿਆਉਣ ਲਈ ਵੀ ਕਿਹਾ ਗਿਆ ਹੈ, ਜਿਸਦੀ ਇੱਕ ਸੂਚੀ ਵੀ ਦਿੱਤੀ ਗਈ ਹੈ। ਖਹਿਰਾ ਦੇ ਪੀਏ ਮਨੀਸ਼ ਕੁਮਾਰ ਅਤੇ ਉਨ੍ਹਾਂ ਦੇ ਜਵਾਈ ਇੰਦਰਵੀਰ ਸਿੰਘ ਜੌਹਲ ਨੂੰ ਵੀ 16 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਕਿਹਾ ਕਿ ਈਡੀ ਇਸ ਮਾਮਲੇ ਨੂੰ 2015 ਦੇ ਡਰੱਗ ਕੇਸ ਨਾਲ ਜੋੜ ਕੇ ਜਾਂਚ ਕਰ ਰਹੀ ਹੈ। ਮਹਿਤਾਬ ਖਹਿਰਾ ਨੇ ਕਿਹਾ ਕਿ ਉਹ ਜਾਂਚ ਵਿੱਚ ਸਹਿਯੋਗ ਕਰਨਗੇ ਪਰ ਕਾਨੂੰਨੀ ਕਦਮ ਵੀ ਚੁੱਕਣਗੇ।