Hola mohalla sri anandpur sahib : ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਵਿਚਕਾਰ ਹੁਣ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਵੀ ਕੁੱਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਰੂਪਨਗਰ ਦੇ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਹੋਲੇ ਮਹੱਲੇ ‘ਤੇ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਲਾਜ਼ਮੀ ਕਰ ਦਿੱਤੀ ਹੈ। ਇਹ ਨਵੇਂ ਆਦੇਸ਼ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਜਾਰੀ ਕੀਤੇ ਗਏ ਹਨ।
ਪ੍ਰਸ਼ਾਸਨ ਨੇ ਕਿਹਾ ਹੈ ਕੇ ਸ਼ਰਧਾਲੂਆਂ ਨੂੰ 72 ਘੰਟਿਆਂ ਵਿੱਚ ਕਰਵਾਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੀ ਦਿਖਾਉਣੀ ਪਵੇਗੀ। ਡਿਪਟੀ ਕਮਿਸ਼ਨਰ ਨੇ ਖੁਦ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਨੂੰ ਨਿਯਮਾਂ ਨੂੰ ਮੰਨਣ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ ਕੇ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪੰਜ ਮਾਈਕਰੋ ਕੰਟੋਨਮੈਂਟ ਜ਼ੋਨਾਂ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਰੂਪਨਗਰ ਵਿੱਚ ਅੱਗਲੇ ਹੁਕਮਾਂ ਤੱਕ 11.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਵੀ ਜਾਰੀ ਹੈ।