Bhagwant Mann corona report : ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਕੱਲ੍ਹ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਹੋਣ ਵਾਲੀ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਸਾਰੇ ਸਿਆਸੀ ਆਗੂਆਂ ਤੇ ਵੀਵੀਆਈਪੀ ਲੋਕਾਂ ਨੂੰ 48 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਦਿਖਾਉਣੀ ਲਾਜ਼ਮੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ’ਆਪ’ ਪ੍ਰਧਾਨ ਭਗਵੰਤ ਮਾਨ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਰਿਆਂ ਦੀ ਦੁਆਵਾਂ ਸਦਕਾ ਮੇਰੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਹੁਣ ਕੱਲ੍ਹ ਮਿਲਦੇ ਹਾਂ ਬਾਘਾਪੁਰਾਣਾ ’ਚ।
ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਘਾਪੁਰਾਣਾ ਵਿੱਚ 21 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਸਤਾਵਿਤ ਰੈਲੀ ਨੂੰ ਸ਼ਰਤਾਂ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ। ਮੋਗਾ ਦੇ ਡੀਸੀ ਸੰਦੀਪ ਹਾਂਸ ਨੇ ਪ੍ਰਵਾਨਗੀ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਵੀਵੀਆਈਪੀ ਅਤੇ ਵੀਆਈਪੀ ਨੂੰ ਉਦੋਂ ਰੈਲੀ ਵਾਲੀ ਥਾਂ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਹੋਵੇਗੀ ਜਦੋਂ ਉਹ ਰੈਲੀ ਤੋਂ 48 ਘੰਟੇ ਪਹਿਲਾਂ ਦੀ ਕੋਵਿਡ-19 ਦੀ ਇੱਕ ਨੈਗੇਟਿਵ ਰਿਪੋਰਟ ਪੇਸ਼ ਕਰਨਗੇ।
ਰੈਲੀ ਵਿੱਚ ਹਾਲਾਂਕਿ ਰੈਲੀ ਵਿਚ ਸ਼ਾਮਲ ਆਮ ਲੋਕਾਂ ਨੂੰ ਰਿਪੋਰਟ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਉਨ੍ਹਾਂ ਲਈ ਮਾਸਕ, ਸੈਨੀਟਾਈਜ਼ਰ ਅਤੇ ਸਰੀਰਕ ਦੂਰੀ ਦੀ ਸ਼ਰਤ ਵੀ ਲਾਜ਼ਮੀ ਹੋਵੇਗੀ। ਰੈਲੀ ਵਾਲੀਆਂ ਥਾਵਾਂ ਅਤੇ ਸਟੇਜ ਨੂੰ ਸੋਡੀਅਮ ਹਾਈਪੋਕਲੋਰਾਈਟ ਨਾਲ ਰੋਗਾਣੂ-ਮੁਕਤ ਕਰਨ ਦੀ ਜ਼ਰੂਰਤ ਹੋਏਗੀ। ਕੋਵਿਡ-19 ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।