Sachkhand Sri Darbar : ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ‘ਚ ਸੋਲਰ ਸਿਸਟਮ ਲਗਾਇਆ ਜਾਵੇਗਾ ਤੇ ਇਥੇ ਸੂਰਜੀ ਊਰਜਾ ਨਾਲ ਪ੍ਰਾਜੈਕਟ ਚੱਲਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ। ਉਨ੍ਹਾਂ ਨੇ ਅੱਜ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਊਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਦੱਸਿਆ ਕਿ ਇਹ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਵੱਲੋਂ ਕੀਤੀ ਜਾ ਰਹੀ ਹੈ। ਇਹ ਸੋਲਰ ਸਿਸਟਮ ਇਕ ਮੈਗਾਵਾਟ ਦਾ ਹੋਵੇਗਾ, ਜਿਸ ਨੂੰ ਪੂਰਾ ਕਰਨ ‘ਚ 8 ਕਰੋੜ ਰੁਪਏ ਦੀ ਲਾਗਤ ਲੱਗੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਡਾ. ਸੁਖਬੀਰ ਸਿੰਘ ਓਐਸਡੀ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਸ. ਮੇਜਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਯੂਨਾਈਟਡ ਸਿੱਖ ਮਿਸ਼ਨ ਦੇ ਮੁਖੀ ਸ. ਰਛਪਾਲ ਸਿੰਘ ਢੀਂਡਸਾ ਨੇ ਇਸ ਸੇਵਾ ਲਈ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਬੈਠਾ ਹਰ ਸਿੱਖ ਗੁਰੂ ਘਰ ਦੀਆਂ ਸੇਵਾਵਾਂ ਦੀ ਇੱਛਾ ਰੱਖਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੀ ਸਿੱਖ ਸੰਗਤ ਦੇ ਮਨ ਅੰਦਰ ਗੁਰੂ ਘਰਾਂ ਪ੍ਰਤੀ ਅਥਾਹ ਸ਼ਰਧਾ ਹੈ। ਸਿੱਖ ਸੰਗਤਾਂ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਵੱਡਭਾਗਾ ਮਹਿਸੂਸ ਕਰਦੀਆਂ ਹਨ। ਉਨ੍ਹਾਂ ਇਸ ਕਾਰਜ ਲਈ ਯੂਨਾਈਟਡ ਸਿੱਖ ਮਿਸ਼ਨ ਤੇ ਸਿੱਖ ਲੈਨਜ਼ ਫਾਉਂਡੇਸ਼ਨ ਦਾ ਧੰਨਵਾਦ ਕੀਤਾ ਤੇ ਸ. ਰਛਪਾਲ ਸਿੰਘ ਮੁੱਖੀ ਯੂਨਾਈਟਡ ਸਿੱਖ ਮਿਸ਼ਨ ਤੇ ਵਫਦ ਮੈਂਬਰਾਂ ਦਾ ਲੋਈ, ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨ ‘ਚ ਲਗਭਗ ਚਾਰ ਮਹੀਨੇ ਦਾ ਸਮਾਂ ਲੱਗ ਸਕਦਾ ਹੈ। 7 ਕੰਪਨੀਆਂ ਵੱਲੋਂ ਇਸ ਪ੍ਰਾਜੈਕਟ ਲਈ ਪ੍ਰਪੋਜ਼ਲ ਹੈ ਜਿਸ ਲਈ ਕਮੇਟੀ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸੋਲਰ ਸਿਸਟਮ ਲੱਗਣ ਨਾਲ ਸਾਲਾਨਾ 1 ਕਰੋੜ ਰੁਪਏ ਦੀ ਬਚਤ ਹੋਵੇਗੀ ਤੇ ਭਵਿੱਖ ‘ਚ ਇਹ ਪ੍ਰਾਜੈਕਟ ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ।