Farmers announce blockade : ਭੁੱਚੋ ਮੰਡੀ : ਕਿਸਾਨਾਂ ਨੇ 27 ਮਾਰਚ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਨੇ ਇਹ ਐਲਾਨ ਪੰਜ ਮਹੀਨੇ ਪਹਿਲਾਂ ਸੜਕ ਹਾਦਸੇ ਵਿੱਚ ਜ਼ਖਮੀ ਨੌਜਵਾਨ ਭਾਰਤ ਸਭਾ ਦੇ ਕਾਰਕੁੰਨ ਦੇ ਮੁਲਜ਼ਮਾਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਾ ਹੋਣ ਕਰਕੇ ਕੀਤਾ ਹੈ। ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਮੀਟਿੰਗ ਹੋਈ। ਜਿਸ ਵਿੱਚ 27 ਮਾਰਚ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦਾ ਫੈਸਲਾ ਲਿਆ ਗਿਆ।
ਬਲਾਕ ਪ੍ਰਧਾਨ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਭਾਰਤ ਸਭਾ ਦਾ ਕਾਰਕੁੰਨ ਕੁਲਬੀਰ ਸਿੰਘ 23 ਅਕਤੂਬਰ ਨੂੰ ਸੜਕ ਹਾਦਸੇ ਵਿੱਚ ਜ਼ਖਮੀ ਹੋਇਆ ਸੀ। ਇਸ ਹਾਦਸੇ ਨੂੰ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਚਲਾਨ ਤੱਕ ਪੇਸ਼ ਨਹੀ ਕੀਤਾ ਗਿਆ। ਕੁਲਬੀਰ ਸਿੰਘ ਅਜੇ ਤੱਕ ਠੀਕ ਨਹੀਂ ਹੋਇਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਉਸ ਦੇ ਇਲਾਜ ‘ਤੇ 7 ਤੋਂ 8 ਲੱਖ ਰੁਪਏ ਦਾ ਖਰਚਾ ਆ ਚੁੱਕਾ ਹੈ। ਇਸੇ ਨੂੰ ਲੈ ਕੇ ਅਸੀਂ 27 ਮਾਰਚ ਨੂੰ ਨੈਸ਼ਨਲ ਹਾਈਵੇ ਨੂੰ ਜਾਮ ਕਰਾਂਗੇ।