In Barnala farmers : ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦਾ ਵਿਰੋਧ ਕੀਤਾ ਜਾਣਾ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਅੱਜ ਜਿਲ੍ਹਾ ਬਰਨਾਲਾ ਵਿਖੇ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਇੱਕ ਪ੍ਰੈਸ ਕਾਨਫਰੰਸ ਬੁਲਾਈ। ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਕਿ ਭਾਜਪਾ ਨੇਤਾਵਾਂ ਨੇ ਸ਼ਹਿਰ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੈ, ਵੱਡੀ ਗਿਣਤੀ ਸਥਾਨਕ ਕਿਸਾਨਾਂ ਨੇ ਆ ਕੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੂੰ ਰੈਸਟ ਹਾਊਸ ਦੇ ਅੰਦਰ ਘੇਰਿਆ। ਇਸ ਮੌਕੇ ਭਾਜਪਾ ਪੰਜਾਬ ਦੇ ਡਿਪਟੀ ਚੀਫ ਪ੍ਰਵੀਨ ਬਾਂਸਲ ਅਤੇ ਹੋਰ ਆਗੂ ਮੌਜੂਦ ਸਨ। ਕਿਸਾਨਾਂ ਦੇ ਰੋਹ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੀ ਗਈ ਸੀ।
ਕਿਸਾਨਾਂ ਨੇ ਰੈਸਟ ਹਾਊਸ ਦੇ ਗੇਟ ‘ਤੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ। ਦੱਸ ਦੇਈਏ ਕਿ ਪਿਛਲੇ ਲਗਭਗ 4 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਬੈਠੇ ਹੋਏ ਹਨ। ਬੀਤੇ ਦਿਨੀਂ ਭਾਰਤ ਬੰਦ ਦੀ ਕਾਲ ਵੀ ਦਿੱਤੀ ਗਈ ਸੀ ਜਿਸ ਦਾ ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਚੰਗਾ ਅਸਰ ਦੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ। ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਕਈ ਨੇਤਾਵਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ। ਵੀਰਵਾਰ ਨੂੰ ਕਿਸਾਨਾਂ ਨੇ ਸਾਬਕਾ ਮੰਤਰੀ ਜੀਆਣੀ ਦੇ ਖਿਲਾਫ ਧਰਨਾ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਜਿਥੇ ਵੀ ਜਾਣਗੇ ਭਾਜਪਾ ਨੇਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਵਿੱਚ ਧਰਨੇ ’ਤੇ ਬੈਠੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੂੰ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਹ ਕਿਸਾਨਾਂ ਦੀ ਸ਼ਿਕਾਇਤ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਕਿਸਾਨ ਜਥੇਬੰਦੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਦਾ ਪੂਰਾ-ਪੂਰਾ ਸਹਿਯੋਗ ਕਰਨ ਤਾਂ ਜੋ ਕੇਂਦਰ ਜਲਦ ਇਸ ‘ਤੇ ਕੋਈ ਫੈਸਲਾ ਲੈ ਸਕੇ।