Rahul Gandhi alleges Centre: ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਚੱਲਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਮੋਦੀ ਸਰਕਾਰ ‘ਤੇ ਹਮੇਸ਼ਾ ਹਮਲਾ ਕਰਨ ਵਾਲੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 17-18 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਅਜਿਹੀ ਸਥਿਤੀ ਵਿੱਚ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਹ ਕਟੌਤੀ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
ਦਰਅਸਲ, ਐਤਵਾਰ ਨੂੰ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ‘ਚੋਣਾਂ ਕਾਰਨ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ 17/18 ਪੈਸੇ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ। ਬਚਤ ਦੀ ਇਸ ਰਕਮ ਦਾ ਤੁਸੀਂ ਕੀ ਕਰੋਗੇ? #FuelLootByBJP
ਦੱਸ ਦਈਏ ਕਿ ਐਤਵਾਰ ਨੂੰ ਸਾਰੇ ਚਾਰ ਮੈਟਰੋ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ । ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.10 ਰੁਪਏ ਪ੍ਰਤੀ ਲੀਟਰ ਹੈ । ਸਾਰੇ ਚਾਰ ਮੈਟਰੋ ਸ਼ਹਿਰਾਂ ਵਿੱਚ ਮੁੰਬਈ ਵਿੱਚ ਅਜੇ ਵੀ ਸਭ ਤੋਂ ਵੱਧ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹਨ। ਮੁੰਬਈ ਵਿੱਚ 97.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.20 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।