The case of attack on BJP : ਚੰਡੀਗੜ੍ਹ : ਪੰਜਾਬ ਦੇ ਮਲੋਟ ਵਿੱਚ ਅਬੋਹਰ ਦੇ ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਅਤੇ ਉਸ ਨੂੰ ਨੰਗਾ ਕਰਕੇ ਕੁੱਟਣ ਦਾ ਮਾਮਲਾ ਹੁਣ ਪੰਜਾਬ ਤੋਂ ਬਾਹਰ ਹਰਿਆਣਾ ਵਿੱਚ ਵੀ ਗੂੰਜ ਰਿਹਾ ਹੈ। ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਗਵਾਹੀ ਦਾ ਸਬੂਤ ਹੈ। ਹਰਿਆਣਾ ਭਾਜਪਾ ਦੇ ਪ੍ਰਧਾਨ ਓਪੀ ਧਨਖੜ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੇ ਵਿਰੋਧ ਵਿੱਚ 30 ਮਾਰਚ ਨੂੰ ਹਰਿਆਣਾ ਵਿੱਚ ਰੋਸ ਦਿਵਸ ਮਨਾਉਣਗੇ।
ਓ ਪੀ ਧਨਖੜ ਨੇ ਕਿਹਾ ਕਿ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਪੰਜਾਬ ਵਿਚ ਜੋ ਹੋਇਆ ਹੈ, ਉਹ ਬਹੁਤ ਨਿੰਦਣਯੋਗ ਹੈ। ਪੰਜਾਬ ਮਰਿਆਦਾ ਲਈ ਜਾਣਿਆ ਜਾਂਦਾ ਹੈ। ਅਜਿਹੇ ਵਿੱਚ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਕਾਰਵਾਈ ਕਰਨੀ ਚਾਹੀਦੀ ਹੈ। ਇਸ ਘਟਨਾ ਦੇ ਵਿਰੋਧ ਵਿੱਚ 30 ਮਾਰਚ ਨੂੰ ਰਾਜ ਵਿੱਚ ਰੋਸ ਦਿਵਸ ਮਨਾਇਆ ਜਾਵੇਗਾ। ਭਾਜਪਾ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕਰੇਗੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਧਨਖੜ ਨੇ ਕਿਹਾ ਕਿ ਹਰੇਕ ਨੂੰ ਲੋਕਤੰਤਰੀ ਪ੍ਰਣਾਲੀ ਵਿਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇਹ ਸਭ ਦੀ ਜ਼ਿੰਮੇਵਾਰੀ ਹੈ। ਕਿਸੇ ਵਿਧਾਇਕ ਹੀ ਨਹੀਂ ਕਿਸੇ ਆਮ ਆਦਮੀ ਦੀ ਇੱਜ਼ਤ ਤਾਰ-ਤਾਰ ਕਰਨਾ ਸਹੀ ਨਹੀਂ ਹੈ।
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਵਿਜ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿਚ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ। ਕਿਸਾਨ ਜਥੇਬੰਦੀਆਂ ਅੰਦੋਲਨ ਕਰ ਰਹੀਆਂ ਹਨ। ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਪਰ ਦੂਸਰਿਆਂ ਨੂੰ ਵੀ ਆਪਣੀ ਗੱਲ ਕਹਿਣ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਜ਼ੋਰ-ਜ਼ਬਰਦਸਤੀ ਨਾਲ ਕਿਸੇ ਦੇ ਅਧਿਕਾਰ ਖੋਹ ਨਹੀਂ ਸਕਦੇ ਹਨ ਇਸ ਲਈ ਕਿਸਾਨੀ ਨੇਤਾਵਾਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਚਲਣਾ ਚਾਹੀਦਾ ਹੈ। ਹਿੰਸਕ ਨਹੀਂ ਹੋਣਾ ਚਾਹੀਦਾ।