Baba Deep Singh : ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਪਿੰਡ ਪਹੂਵਿੰਡ ਨੇੜੇ ਭਿੱਖੀਵਿੰਡ (ਤਰਨ ਤਾਰਨ) ਵਿਚ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਂ ‘ਦੀਪਾ’ ਰੱਖਿਆ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਬਾਬਾ ਦੀਪ ਸਿੰਘ ਜੀ ਹਾਜ਼ਰ ਹੋਏ । ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ ‘ਦੀਪੇ’ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ‘ਦੀਪ ਸਿੰਘ’ ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਬਾਬਾ ਦੀਪ ਸਿੰਘ 20-22 ਸਾਲ ਦੀ ਉਮਰ ਵਿੱਚ ਹੀ ਇੱਕ ਸਿਆਣੇ ਵਿਦਵਾਨ ਤੇ ਸੂਰਬੀਰ ਸੈਨਿਕ ਬਣ ਗਏ। ਇੱਕ ਪਾਸੇ ਤਾਂ ਆਪ ਸਿੱਖ ਸੰਗਤ ਅੰਦਰ ਪਾਵਨ ਗੁਰਬਾਣੀ ਦਾ ਗਿਆਨ ਕਰਵਾਉਂਦੇ ਅਤੇ ਗੁਰੂ ਜੀ ਦੇ ਆਦੇਸ਼ ਅਨੁਸਾਰ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਸਿੱਖਾਂ ਵਿੱਚ ਨਵਾਂ ਧਾਰਮਿਕ ਜੋਸ਼ ਭਰਦੇ ਸਨ, ਦੂਸਰੇ ਪਾਸੇ ਆਪ ਸਿੰਘ ਸੂਰਮਿਆਂ ਦੇ ਜਥੇ ਤਿਆਰ ਕਰਕੇ ਲੋੜ ਸਮੇਂ ਮੈਦਾਨ-ਏ-ਜੰਗ ਵਿੱਚ ਜਾ ਕੇ ਜੈਕਾਰੇ ਬੁਲਾਉਂਦੇ ਸਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਵੱਖ-ਵੱਖ ਅਸਥਾਨਾਂ ਰਾਹੀਂ ਹੁੰਦੇ ਹੋਏ ਪਾਵਨ ਅਸਥਾਨ ਦਮਦਮਾ ਸਾਹਿਬ, ਤਲਵੰਡੀ ਸਾਬੋ, ਜ਼ਿਲ਼੍ਹਾ ਬਠਿੰਡਾ ਵਿਖੇ ਪਹੁੰਚੇ। ਇਸ ਪਾਵਨ ਅਸਥਾਨ ਤੇ ਬਾਬਾ ਦੀਪ ਸਿੰਘ ਜੀ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿੱਚ ਹਾਜ਼ਰ ਹੋਏ।
ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਨੂੰ ‘ਗੁਰੂ ਕੀ ਕਾਂਸ਼ੀ’ ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਅਤੇ ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਕਾਰਜ ਕਰਦੇ ਅਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਸਨ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ। ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਹੀ ਵੱਡੇ ਸਿੱਖ ਵਿਦਵਾਨ ਸਨ।