Corona test mandatory : ਅੰਮ੍ਰਿਤਸਰ : ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸ਼ਰਧਾਲੂਆਂ ਲਈ ਕੋਰੋਨਾ ਟੈੱਸਟ ਕਰਵਾਉਣਾ ਲਾਜ਼ਮੀ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਦਿੱਤੇ ਗਏ ਹਨ। ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈੱਸਟ ਕਰਵਾਉਣਾ ਜ਼ਰੂਰੀ ਹੋਵੇਗਾ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਸਿਹਤ ਵਿਭਾਗ ਵਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈੱਸਟ ਲਈ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ ਤੇ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਕੋਲ ਆਪਣੇ ਪਾਸਪੋਰਟ ਜਮ੍ਹਾ ਕਰਵਾਏ ਹਨ ਉਹ 9 ਤੇ 10 ਅਪ੍ਰੈਲ ਨੂੰ ਆ ਕੇ ਕੈਂਪ ‘ਚ ਫ੍ਰੀ ਕੋਰੋਨਾ ਟੈਸਟ ਕਰਵਾ ਸਕਦੇ ਹਨ ਤੇ ਜੇਕਰ ਸ਼ਰਧਾਲੂ ਚਾਹੁਣ ਤਾਂ ਉਹ ਬਾਹਰੋਂ ਵੀ ਆਪਣਾ ਕੋਰੋਨਾ ਟੈਸਟ ਕਰਵਾ ਸਕਦੇ ਹਨ ਕਿਉਂਕਿ ਪਾਕਿਸਤਾਨ ਜਾਣ ਵਾਸਤੇ ਸਾਰੇ ਸ਼ਰਧਾਲੂਆਂ ਕੋਲ 72 ਘੰਟੇ ਪਹਿਲਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਹੋਣੀ ਬਹੁਤ ਹੀ ਜ਼ਰੂਰੀ ਹੈ ਤਾਂ ਹੀ ਉਸ ਦੀ ਐਂਟਰੀ ਹੋ ਸਕੇਗੀ।