Santosh Kumar dies : ਲੁਧਿਆਣਾ ਵਿਖੇ ਡਾਬਾ ਰੋਡ ‘ਚ ਨਿਰਮਾਣ ਅਧੀਨ ਫੈਕਟਰੀ ਢਹਿਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ‘ਚ 4 ਵਿਅਕਤੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਹਾਦਸੇ ‘ਚ ਜ਼ਖਮੀ ਹੋਏ ਸੰਤੋਸ਼ ਕੁਮਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸੰਤੋਸ਼ ਕੁਮਾਰ ਜਿਸ ਨੂੰ ਦੁਰਘਟਨਾ ਹੋਣ ਤੋਂ ਬਾਅਦ ਐਸਪੀਐਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ ਹੈ। ਹੁਣ ਹਾਦਸੇ ‘ਚ ਮ੍ਰਿਤਕਾਂ ਦੀ ਕੁੱਲ ਗਿਣਤੀ 5 ਤੱਕ ਪੁੱਜ ਗਈ ਹੈ। ਦੱਸਣਯੋਗ ਹੈ ਕਿ ਬੀਤੀ ਰਾਤ ਬਿਲਡਿੰਗ ਮਾਲਕ ਜਸਵਿੰਦਰ ਸਿੰਘ ਸੋਨੂੰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸਦੇ ਖਿਲਾਫ PS ਡਵੀਜ਼ਨ ਨੰ. 6 ਲੁਧਿਆਣਾ ਵਿਚ ਧਾਰਾ 304 ਆਈ ਪੀ ਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
ਪੰਜਾਬ ਪੁਲਿਸ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.), ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ) ਦੇ ਨਾਲ ਬਚਾਅ ਅਤੇ ਰਾਹਤ ਕਾਰਜ ਕਰ ਰਹੀ ਹੈ। ਮਲਬੇ ਦੀ ਨਿਕਾਸੀ ਦਾ ਕੰਮ ਅਜੇ ਵੀ ਜਾਰੀ ਹੈ ਅਤੇ ਇਸ ਵਿਚ ਹੋਰ ਦੋ ਦਿਨ ਲੱਗਣ ਦੀ ਉਮੀਦ ਹੈ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਉਸਦੇ ਰਿਸ਼ਤੇਦਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਨੂੰ ਹਾਦਸੇ ਦੀ ਨਿਆਂਇਕ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੀ ਰਿਪੋਰਟ ਦੋ ਹਫਤਿਆਂ ਵਿੱਚ ਸਰਕਾਰ ਨੂੰ ਪੇਸ਼ ਕੀਤੀ ਜਾਵੇਗੀ। ਇਸ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ। ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।