Ludhiana MLA Rakesh Pandey : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਕੋਰੋਨਾ ਦੀ ਇਸ ਲਹਿਰ ਦੌਰਾਨ ਵੱਡੇ-ਵੱਡੇ ਸਿਆਸੀ ਆਗੂ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਹੁਣ ਲੁਧਿਆਣਾ ਦੇ ਉੱਤਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ, ਉਨ੍ਹਾਂ ਦਾ ਪੁੱਤਰ ਦੁਸ਼ਯੰਤ ਪਾਂਡੇ ਅਤੇ ਪਤਨੀ ਪਵਨ ਪਾਂਡੇ ਦੇ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਰਾਕੇਸ਼ ਪਾਂਡੇ ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੇ ਦਯਾਨੰਦ ਮੈਡੀਕਲ ਹਸਪਤਾਲ ਵਿੱਚ ਟੈਸਟ ਕਰਵਾਇਆ ਸੀ, ਜਿਥੇ ਪਰਿਵਾਰ ਦੇ ਤਿੰਨੋਂ ਜੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਵਿਧਾਇਕ ਰਾਕੇਸ਼ ਪਾਂਡੇ ਦਾ ਡੀਐਮਸੀ ਹਸਪਤਾਲ ਵਿੱਚ ਹੀ ਇਲਾਜ ਚੱਲ ਰਿਹਾ ਹੈ, ਜਦਕਿ ਉਨ੍ਹਾਂ ਦੀ ਪਤਨੀ ਤੇ ਪੁੱਤਰ ਘਰ ਵਿਚ ਹੀ ਆਈਸੋਲੇਟ ਹਨ।
ਦੱਸਣਯੋਗ ਹੈ ਕਿ ਅੱਜ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਓਐੱਸਡੀ ਅਰਵਿੰਦ ਸਿੰਘ ਟੂਨਾ ਵੀ ਕੋਰੋਨਾ ਪਾਜ਼ੇਟਿਵ ਆਏ ਹਨ।ਉਹ ਆਪਣੇ ਚੰਡੀਗੜ੍ਹ ਘਰ ‘ਚ ਆਈਸੋਲੇਟ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪੰਜਾਬ ਵਿੱਚ ਕੋਰੋਨਾ ਦੇ 2997 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਥੇ 415 ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਅੱਜ ਕੋਰੋਨਾ ਨਾਲ 63 ਲੋਕਾਂ ਦੀ ਮੌਤ ਹੋਈ ਤੇ ਲੁਧਿਆਣਾ ਵਿੱਚ ਸਭ ਤੋਂ ਵੱਧ 417 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ।