Sikh History on : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਸਬੰਧੀ ਵੀਰਵਾਰ ਨੂੰ ਉੱਚ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਵਰਚੂਅਲ ਮੀਟਿੰਗ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਰਾਜ ਸਭਾ ਸੰਸਦ ਮੈਂਬਰ ਤਰਲੋਚਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਅਖੰਡਤਾ ਦਿਵਸ ਵਜੋਂ ਮਨਾਇਆ ਜਾਵੇ ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਵੱਲੋਂ ਇਹ ਵੀ ਤਜਵੀਜ਼ ਰੱਖੀ ਗਈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਉਨ੍ਹਾਂ ਦੇ ਸ਼ਰਧਾਲੂਆਂ ਦੀਆਂ ਸ਼ਹਾਦਤਾਂ ਤੋਂ ਜਾਣੂ ਕਰਵਾਇਆ ਜਾਵੇ। ਇਸ ਲਈ ਉਨ੍ਹਾਂ ਨੇ ਸੀ. ਬੀ. ਐੱਸ. ਈ. ਦੇ ਸਿਲੇਬਸ ਵਿਚ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਇਹ ਵੀ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ 1 ਮਈ ਨੂੰ ਪ੍ਰਕਾਸ਼ ਪੁਰਬ ਨੂੰ ਕੌਮੀ ਅਖੰਡਤਾ ਦਿਵਸ ਵਜੋਂ ਮਨਾਇਆ ਜਾਵੇ ਤੇ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਬਾਰੇ ਸਕੂਲ ਸਿਲੇਬਸ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ PM ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ ਤਾਂ ਜੋ ਸਿੱਖ ਸ਼ਰਧਾਲੂ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ।
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਇਆ ਅਤੇ ਹੁਣ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਨਾਲ ਰਲ ਕੇ ਸ਼ਤਾਬਦੀ ਸਮਾਗਮ ਕਰਵਾਏਗੀ। ਇਸ ਲਈ 1 ਮਈ ਨੂੰ ਹੋਣ ਵਾਲੇ ਮੁੱਖ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਿਲ ਹੋਣ ਦੀ ਵੀ ਉਮੀਦ ਹੈ।